
ਚੰਡੀਗੜ੍ਹ, 16 ਅਪ੍ਰੈਲ (ਹਿੰ.ਸ.)| ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆਤਮ-ਨਿਰਭਰ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨੂੰ ਦਰਸਾਉਂਦੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਕੋਲ 2.5 ਏਕੜ ਤੱਕ ਨਹਿਰੀ/ਚਾਹੀ ਜ਼ਮੀਨ, ਜਾਂ 5 ਏਕੜ ਤੱਕ ਬਾਰਾਨੀ ਜ਼ਮੀਨ, ਜਾਂ ਪਾਣੀ ਵਾਲੇ ਇਲਾਕੇ ਵਿੱਚ 5 ਏਕੜ ਤੱਕ ਜ਼ਮੀਨ (ਪਤੀ-ਪਤਨੀ ਦੀ ਮਿਲੀ ਹੋਈ ਜ਼ਮੀਨ ਸਮੇਤ) ਹੈ, ਉਹ ਵੀ ਇਸ ਸਕੀਮ ਲਈ ਯੋਗ ਹਨ।
ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਾਂ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਬਕਾਇਆ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਯਮਿਤ ਨਿਗਰਾਨੀ ਅਤੇ ਫੀਲਡ ਪੱਧਰ 'ਤੇ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਬਜ਼ੁਰਗ ਲਾਭ ਤੋਂ ਵਾਂਝਾ ਨਾ ਰਹੇ ਅਤੇ ਪਾਰਦਰਸ਼ੀ ਢੰਗ ਨਾਲ ਲਾਭਪਾਤਰੀਆਂ ਤੱਕ ਰਕਮ ਪਹੁੰਚ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦਾ ਹਰ ਬਜ਼ੁਰਗ ਇੱਜ਼ਤ, ਆਤਮ-ਨਿਰਭਰਤਾ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH