
ਚੰਡੀਗੜ੍ਹ, 17 ਅਪ੍ਰੈਲ (ਹਿੰ.ਸ.)|
ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਦਾ ਅਸਰ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪੱਛਮੀ ਵਿਘਨ (ਵੈਸਟਰਨ ਡਿਸਟਰਬੈਂਸ) ਦੇ ਸਰਗਰਮ ਹੋਣ ਕਾਰਨ ਮੌਸਮ ਵਿਭਾਗ ਵੱਲੋਂ ਅੱਜ (17 ਅਪ੍ਰੈਲ) ਲਈ ਹਨ੍ਹੇਰੀ, ਤੂਫਾਨ ਅਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਲਗਭਗ 3.5 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.3 ਡਿਗਰੀ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ 38.1 ਡਿਗਰੀ ਤਾਪਮਾਨ ਰਿਹਾ, ਜੋ ਆਮ ਨਾਲੋਂ 2.8 ਡਿਗਰੀ ਵੱਧ ਹੈ। ਗਰਮੀ ਦੇ ਵੱਧਣ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ, ਜੋ 7854 ਮੈਗਾਵਾਟ ਤੋਂ ਉੱਪਰ ਪਹੁੰਚ ਗਈ ਹੈ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। 18 ਅਪ੍ਰੈਲ ਨੂੰ ਮੌਸਮ ਸਾਫ ਰਹੇਗਾ, ਜਦਕਿ 19 ਅਪ੍ਰੈਲ ਨੂੰ ਮੁੜ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਲੁਧਿਆਣਾ ਵਿੱਚ ਤਾਪਮਾਨ ਵਿੱਚ ਸਭ ਤੋਂ ਵੱਧ 4.1 ਡਿਗਰੀ ਦਾ ਵਾਧਾ ਹੋਇਆ ਅਤੇ ਇਹ 39.6 ਡਿਗਰੀ ਤੱਕ ਪਹੁੰਚ ਗਿਆ। ਰਾਜ ਦਾ ਔਸਤ ਤਾਪਮਾਨ ਆਮ ਨਾਲੋਂ ਲਗਭਗ 3.5 ਡਿਗਰੀ ਵੱਧ ਰਿਹਾ। ਅੰਮ੍ਰਿਤਸਰ ਵਿੱਚ 38.0 ਡਿਗਰੀ, ਪਟਿਆਲਾ ਵਿੱਚ 39.5 ਡਿਗਰੀ ਅਤੇ ਚੰਡੀਗੜ੍ਹ ਵਿੱਚ 38.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 23 ਅਪ੍ਰੈਲ ਤੱਕ ਕਿਸੇ ਵੱਡੀ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਉੱਤਰੀ ਅਤੇ ਪੂਰਬੀ ਇਲਾਕਿਆਂ ਵਿੱਚ ਤਾਪਮਾਨ 32 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ, ਜਦਕਿ ਹੋਰ ਹਿੱਸਿਆਂ ਵਿੱਚ ਇਹ 36 ਤੋਂ 40 ਡਿਗਰੀ ਤੱਕ ਰਹਿ ਸਕਦਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ 2 ਦਿਨਾਂ ਵਿੱਚ ਤਾਪਮਾਨ ਵਿੱਚ ਹੋਰ 2 ਤੋਂ 3 ਡਿਗਰੀ ਤੱਕ ਵਾਧਾ ਹੋ ਸਕਦਾ ਹੈ, ਜਿਸ ਨਾਲ ਗਰਮੀ ਹੋਰ ਵੱਧੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH