ਸ਼ਹਿਰ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ : ਵਿਧਾਇਕ ਸੇਖੋਂ
ਫ਼ਰੀਦਕੋਟ, 17 ਅਪ੍ਰੈਲ (ਹਿੰ.ਸ.)। ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੱਲੋਂ ਬਾਬਾ ਫਰੀਦ ਮਾਰਕੀਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡੀਲਕਸ ਪਬਲਿਕ ਪਖਾਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਰਿਬਨ ਕੱਟ ਕੇ ਇਸ ਸਹੂਲਤ ਨੂੰ ਲੋਕਾਂ ਨੂੰ ਸਮਰਪਿਤ ਕੀਤ
ਡੀਲਕਸ ਪਬਲਿਕ ਪਖਾਨੇ ਲੋਕ ਅਰਪਣ ਕਰਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ


ਫ਼ਰੀਦਕੋਟ, 17 ਅਪ੍ਰੈਲ (ਹਿੰ.ਸ.)। ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੱਲੋਂ ਬਾਬਾ ਫਰੀਦ ਮਾਰਕੀਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡੀਲਕਸ ਪਬਲਿਕ ਪਖਾਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਰਿਬਨ ਕੱਟ ਕੇ ਇਸ ਸਹੂਲਤ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਇਸ ਸਹੂਲਤ ਨਾਲ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸਨੂੰ ਬਿਲਕੁਲ ਮੁਫ਼ਤ ਵਿੱਚ ਚਲਾਇਆ ਜਾਵੇਗਾ।

ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਫ਼ਾਈ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸ ਕਾਰਜ ਜਾਰੀ ਰਹਿਣਗੇ।

ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਲੰਬੇ ਸਮੇਂ ਤੋਂ ਪਬਲਿਕ ਟਾਇਲਟ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟਾਇਲਟ ਆਧੁਨਿਕ ਸਹੂਲਤਾਂ ਅਤੇ ਸਫ਼ਾਈ ਦੇ ਉੱਚ ਮਿਆਰਾਂ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਾਫ ਸੁਥਰਾ ਰੱਖਣ ਲਈ ਟਰੱਸਟ ਵੱਲੋਂ ਵਿਅਕਤੀ ਰੱਖਿਆ ਗਿਆ ਹੈ। ਇਸ ਮੌਕੇ ਦਵਿੰਦਰ ਸਿੰਘ, ਪ੍ਰੀਤਮ ਸਿੰਘ ਭਾਣਾ, ਰਿੰਕੂ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ, ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande