
ਬਠਿੰਡਾ, 18 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਹੇਠ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। ਜ਼ਿਲ੍ਹਾ ਬਠਿੰਡਾ 'ਚ ਹੁਣ ਤੱਕ 1,91,007 ਲੋਕ ਇਸ ਯੋਜਨਾ ਹੇਠ ਲਾਭਪਾਤਰੀ ਵਜੋਂ ਰਜਿਸਟਰ ਹੋ ਚੁੱਕੇ ਹਨ, ਜਦਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 12,578 ਮਰੀਜ਼ ਇਸ ਦਾ ਲਾਭ ਲੈ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਐਡਵਾਂਸ ਕੈਂਸਰ ਕੇਅਰ ਇੰਸਟੀਚਿਊਟ ਬਠਿੰਡਾ ਵਿੱਚ 2,068 ਮਰੀਜ਼ਾਂ ਦਾ ਇਸ ਯੋਜਨਾ ਹੇਠ ਮੁਫ਼ਤ ਇਲਾਜ ਕੀਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ 13 ਸਰਕਾਰੀ ਹਸਪਤਾਲਾਂ ਵਿੱਚ ਕੁੱਲ 5,584 ਮਰੀਜ਼ਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਜ਼ਿਲ੍ਹਾ ਹਸਪਤਾਲ ਬਠਿੰਡਾ, ਸਬ ਡਿਵੀਜ਼ਨ ਹਸਪਤਾਲ ਰਾਮਪੁਰਾ, ਤਲਵੰਡੀ ਸਾਬੋ ਅਤੇ ਘੁੱਦਾ ਸ਼ਾਮਲ ਹਨ। ਇਸ ਤੋਂ ਇਲਾਵਾ ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ, ਰਾਮਾਂ, ਸੰਗਤ, ਭਗਤਾ, ਬਾਲਿਆਂਵਾਲੀ, ਮੌੜ, ਮਹਿਰਾਜ, ਨਥਾਣਾ ਅਤੇ ਭੁੱਚੋ ਵਿੱਚ ਵੀ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਲਾਭਪਾਤਰੀ ਵਜੋਂ ਰਜਿਸਟਰ ਕੀਤਾ ਜਾਵੇ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਯੋਜਨਾ ਦਾ ਫ਼ਾਇਦਾ ਮਿਲ ਸਕੇ। ਪੰਜਾਬ ਦੇ ਸਾਰੇ ਨਾਗਰਿਕ, ਭਾਵੇਂ ਉਨ੍ਹਾਂ ਦੀ ਆਮਦਨ ਜੋ ਮਰਜ਼ੀ ਹੋਵੇ, ਇਸ ਸਿਹਤ ਬੀਮਾ ਯੋਜਨਾ ਹੇਠ ਰਜਿਸਟਰ ਹੋ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ