
ਅੰਮ੍ਰਿਤਸਰ, 18 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਦੇ ਥਾਣਾ ਲੋਪੋਕੇ ਪੁਲਿਸ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦੇਰ ਰਾਤ 2 ਕਿਲੋ 290 ਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਪਹਿਲੇ ਮਾਮਲੇ ਵਿੱਚ ਥਾਣਾ ਲੋਪੋਕੇ ਪੁਲਿਸ ਨੇ ਬੀਐਸਐਫ ਦੇ ਨਾਲ ਮਿਲ ਕੇ ਇੱਕ ਜਾਇੰਟ ਓਪਰੇਸ਼ਨ ਚਲਾਇਆ। ਇਸ ਦੌਰਾਨ ਲਗਭਗ 2.29 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਤਸਕਰੀ ਵਿੱਚ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।
ਸ਼ੁਰੂਆਤੀ ਜਾਂਚ ਤੋਂ ਇਸ਼ਾਰੇ ਮਿਲ ਰਹੇ ਹਨ ਕਿ ਇਹ ਨਸ਼ੇ ਦੀ ਖੇਪ ਪਾਕਿਸਤਾਨ ਸਰਹੱਦ ਪਾਰੋਂ ਭੇਜੀ ਗਈ ਸੀ ਅਤੇ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ। ਦੂਜੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਆਧੁਨਿਕ ਗਲੌਕ ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਹ ਹਥਿਆਰ ਕਾਫ਼ੀ ਅਧੁਨਿਕ ਅਤੇ ਖਤਰਨਾਕ ਹਨ, ਜਿਨ੍ਹਾਂ ਦਾ ਇਸਤੇਮਾਲ ਆਮ ਤੌਰ ‘ਤੇ ਸੰਗਠਿਤ ਅਪਰਾਧਕ ਗਤੀਵਿਧੀਆਂ ਵਿੱਚ ਕੀਤਾ ਜਾਂਦਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਇਹ ਹਥਿਆਰ ਕਿਹੜੇ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਦਾ ਇਸਤੇਮਾਲ ਕਿੱਥੇ ਕੀਤਾ ਜਾਣਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮਾਮਲਿਆਂ ਵਿੱਚ ਅੱਗੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH