(ਅੱਪਡੇਟ) ਪੰਜਾਬ : ਅੰਮ੍ਰਿਤਸਰ ਤੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ, ਦੋ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ (ਹਿੰ.ਸ.)। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ 64.62 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਸਕਰੀ ਰੈਕੇਟ ਨੂੰ ਪਾਕਿਸਤਾਨੀ ਤਸਕਰ
ਮੁਲਜ਼ਮਾਂ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ।


ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ (ਹਿੰ.ਸ.)। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ 64.62 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਸਕਰੀ ਰੈਕੇਟ ਨੂੰ ਪਾਕਿਸਤਾਨੀ ਤਸਕਰ ਮੂਸਾ ਚਲਾ ਰਿਹਾ ਸੀ। ਮੂਸਾ ਕੁਝ ਸਾਲ ਪਹਿਲਾਂ ਭਾਰਤ ਵਿੱਚ ਉਦੋਂ ਸੁਰਖੀਆਂ ਵਿੱਚ ਆਇਆ ਸੀ ਜਦੋਂ ਕਸਟਮ ਵਿਭਾਗ ਨੇ ਇੱਥੇ ਅਟਾਰੀ-ਵਾਹਗਾ ਸਰਹੱਦ 'ਤੇ ਇੱਕ ਮਾਲ ਗੱਡੀ ਵਿਚੋਂ 532 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਹੈ।

ਡੀ.ਜੀ.ਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਪਾਕਿਸਤਾਨੀ ਤਸਕਰਾਂ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ, ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ, ਨਾਲ ਵੀ ਸਬੰਧ ਹਨ। ਜ਼ਿਕਰਯੋਗ ਹੈ ਕਿ ਭਾਰਤੀ ਕਸਟਮ ਅਧਿਕਾਰੀਆਂ ਨੇ 2019 ਵਿੱਚ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਅਟਾਰੀ ਵਿਖੇ 532 ਕਿਲੋਗ੍ਰਾਮ ਹੈਰੋਇਨ ਦੀ ਸਭ ਤੋਂ ਵੱਡੀ ਬਰਾਮਦਗੀ ਕੀਤੀ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ’ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸ.ਐਸ.ਓ.ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਏ.ਆਈ.ਜੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 23 ਮਿਤੀ 17.04.2026 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀਆਂ ਧਾਰਾਵਾਂ 25, 26, 27, 28 ਅਤੇ 29 ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande