
ਫ਼ਰੀਦਕੋਟ, 18 ਅਪ੍ਰੈਲ (ਹਿੰ.ਸ.)। ਜ਼ਿਲ੍ਹੇ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗਊਸ਼ਾਲਾਵਾਂ ਵਿੱਚ ਸੁਰੱਖਿਅਤ ਢੰਗ ਨਾਲ ਰੱਖਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ। ਗਊ ਸੇਵਾ ਨਾਲ ਜੁੜੀਆਂ ਸੰਸਥਾਵਾਂ ਅਤੇ ਸੇਵਾਦਾਰਾਂ ਨਾਲ ਸਹਿਯੋਗ ਵਧਾਇਆ ਜਾਵੇ ਤਾਂ ਜੋ ਇਸ ਕੰਮ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਹ ਪ੍ਰਗਟਾਵਾ ਅਸ਼ੋਕ ਕੁਮਾਰ ਸਿੰਗਲਾ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਉਨ੍ਹਾਂ ਗਊ ਸੇਵਾ ਨਾਲ ਸੰਬੰਧਿਤ ਚੱਲ ਰਹੀਆਂ ਗਤੀਵਿਧੀਆਂ, ਚੁਣੌਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਗਊਆਂ ਦੀ ਸੰਭਾਲ ਲਈ ਫੰਡਾਂ ਦੇ ਸੁਚੱਜੇ ਇਸਤੇਮਾਲ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਗਊਆਂ ਦੀ ਸੰਭਾਲ ਅਤੇ ਭਲਾਈ ਨੂੰ ਪਹਿਲ ਦੇਣਾ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊ ਸੇਵਾ ਸਿਰਫ਼ ਧਾਰਮਿਕ ਭਾਵਨਾ ਨਾਲ ਹੀ ਨਹੀਂ ਜੁੜੀ, ਸਗੋਂ ਇਹ ਸਮਾਜਿਕ ਜ਼ਿੰਮੇਵਾਰੀ ਵੀ ਹੈ ਅਤੇ ਹਰ ਵਰਗ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਮੀਟਿੰਗ ਤੋਂ ਪਹਿਲਾਂ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਪਿੰਡ ਗੋਲੇਵਾਲਾ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਗਊਆਂ ਦੀ ਰਹਿਣ-ਸਹਿਣ ਦੀ ਵਿਵਸਥਾ, ਸਾਫ਼-ਸਫ਼ਾਈ, ਪਾਣੀ ਦੀ ਉਪਲਬਧਤਾ, ਚਾਰੇ ਦੀ ਗੁਣਵੱਤਾ ਅਤੇ ਪਸ਼ੂਆਂ ਦੀ ਸਿਹਤ ਸਬੰਧੀ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਵੈਟਰਨਰੀ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਗਊਆਂ ਦੀ ਸਮੇਂ-ਸਮੇਂ ‘ਤੇ ਸਿਹਤ ਜਾਂਚ ਅਤੇ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊ ਸੇਵਾ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਗਊਸ਼ਾਲਾਵਾਂ ਤੱਕ ਪਹੁੰਚਣਾ ਲਾਜ਼ਮੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ