
ਚੰਡੀਗੜ੍ਹ, 18 ਅਪ੍ਰੈਲ (ਹਿੰ.ਸ.)। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਲਗਭਗ 450 ਕਰੋੜ ਰੁਪਏ ਦੀ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਨੂੰ ਪਾਕਿਸਤਾਨੀ ਤਸਕਰ ਮੂਸਾ ਚਲਾ ਰਿਹਾ ਸੀ। ਮੂਸਾ ਕੁਝ ਸਾਲ ਪਹਿਲਾਂ ਭਾਰਤ ਵਿੱਚ ਉਦੋਂ ਸੁਰਖੀਆਂ ਵਿੱਚ ਆਇਆ ਸੀ ਜਦੋਂ ਕਸਟਮ ਵਿਭਾਗ ਨੇ ਇੱਥੇ ਅਟਾਰੀ-ਵਾਹਗਾ ਸਰਹੱਦ 'ਤੇ ਇੱਕ ਮਾਲ ਗੱਡੀ ਵਿਚੋਂ 532 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਜਾਰੀ ਜਾਣਕਾਰੀ ਵਿੱਚ ਦੱਸਿਆ ਕਿ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਹੈ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਕੀਤੀ ਗਈ ਸੀ ਅਤੇ ਅੱਗੇ ਸਪਲਾਈ ਕੀਤੀ ਜਾਣ ਵਾਲੀ ਸੀ, ਪਰ ਪੁਲਿਸ ਨੇ ਅਜਿਹਾ ਹੋਣ ਤੋਂ ਪਹਿਲਾਂ ਹੀ ਇਸਨੂੰ ਫੜ੍ਹ ਲਿਆ ਹੈ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਕਿ ਇਸ ਨੈੱਟਵਰਕ ਦੇ ਤਾਰ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਅਤੇ ਪਾਕਿਸਤਾਨ ਦੇ ਮੂਸਾ ਗੈਂਗ ਨਾਲ ਜੁੜੇ ਹਨ। ਇਹ ਗਿਰੋਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਸਪਲਾਈ ਕਰਨ ਦਾ ਕੰਮ ਕਰ ਰਿਹਾ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਵਾ ਪਿੰਡ ਦੇ ਵਸਨੀਕ ਸਰਵਣ ਸਿੰਘ ਗੁੱਜਰ ਅਤੇ ਇਕਤਿਆਰਨਗਰ ਪਿੰਡ ਦੇ ਵਸਨੀਕ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਦੋਵਾਂ ਨੂੰ ਮਾਹਲ ਪਿੰਡ ਦੇ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਹੋਰ ਜਾਂਚ ਜਾਰੀ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਦਾ ਉਦੇਸ਼ ਇਸ ਪੂਰੇ ਨੈੱਟਵਰਕ ਦੀ ਜੜ੍ਹ ਤੱਕ ਪਹੁੰਚਣਾ ਅਤੇ ਇਸਦੇ ਸਾਰੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ