ਨਸ਼ਿਆਂ ਦੇ ਖਾਤਮੇ ਵਿੱਚ ਵੀ ਪੰਜਾਬ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ : ਰਾਜਪਾਲ
ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)। ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਅੱਜ ਗੁਰਦੁਆਰਾ ਸਾਹਿਬ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ, ਕਾਲੇ ਘਨੁਪੁਰ ਬਾਈਪਾਸ, ਅੰਮ੍ਰਿਤਸਰ ਵਿਖੇ ‘ਨਸ਼ਾ ਮੁਕਤ ਪੰਜਾਬ ਸੰਕਲਪ ਸਮਾਰੋਹ 2026’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
ਨਸ਼ਾ ਮੁਕਤ ਪੰਜਾਬ ਸੰਕਲਪ ਸਮਾਰੋਹ 2026 ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਹੋਰ ਪਤਵੰਤੇ।


ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)। ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਅੱਜ ਗੁਰਦੁਆਰਾ ਸਾਹਿਬ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ, ਕਾਲੇ ਘਨੁਪੁਰ ਬਾਈਪਾਸ, ਅੰਮ੍ਰਿਤਸਰ ਵਿਖੇ ‘ਨਸ਼ਾ ਮੁਕਤ ਪੰਜਾਬ ਸੰਕਲਪ ਸਮਾਰੋਹ 2026’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਨੇ ਹਰ ਮੁਹਾਜ `ਤੇ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਵੀ ਪੰਜਾਬ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਕਈ ਤਾਕਤਾਂ ਕੰਮ ਕਰ ਰਹੀਆਂ ਹਨ, ਪਰ ਦੇਸ਼ ਦੇ ਲੋਕ ਇਨ੍ਹਾਂ ਨਾਪਾਕ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।

ਉਨ੍ਹਾਂ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸੰਘ ਨੇ ਕੇਵਲ ਤਿੰਨ ਸਾਲਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਵੱਡੀ ਜਾਗਰੂਕਤਾ ਲਹਿਰ ਖੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਮੂਹਕ ਯਤਨ ਕੀਤੇ ਜਾਣ ਤਾਂ ਪੰਜਾਬ ਦੁਬਾਰਾ ਮਜ਼ਬੂਤੀ ਨਾਲ ਖੜ੍ਹ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਦੇਖਣ ਨਾਲ ਨਹੀਂ, ਸਗੋਂ ਮਿਲਜੁਲ ਕੇ ਯਤਨ ਕਰਨ ਨਾਲ ਹੀ ਇਸ ਸਮੱਸਿਆ ਦਾ ਹੱਲ ਸੰਭਵ ਹੈ।

ਇਸ ਮੌਕੇ ’ਤੇ ਸੰਬੋਧਨ ਕਰਦਿਆਂ ਸੁਪਰੀਮ ਕੋਰਟ ਦੇ ਸਾਬਕਾ ਮੁੱਖ ਜੱਜ ਜਗਦੀਸ਼ ਸਿੰਘ ਖੇਹਰ ਨੇ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦਾ ਪਸਾਰ ਬੇਹੱਦ ਚਿੰਤਾ ਦਾ ਕਾਰਨ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

ਇਸ ਮੌਕੇ ਡਾ. ਕ੍ਰਿਸ਼ਨ ਗੋਪਾਲ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਾਨਦਾਰ ਰਿਹਾ ਹੈ ਅਤੇ ਇਹ ਸੂਬਾ ਨਸ਼ਿਆਂ ਵਿਰੁੱਧ ਲੜਾਈ ਵਿੱਚ ਵੀ ਡਟ ਕੇ ਖੜ੍ਹੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਜਾਲ ਵਿੱਚ ਫਸੇ ਨੌਜਵਾਨਾਂ ਨੂੰ ਬਚਾਉਣਾ ਅਤੇ ਜੋ ਬਚੇ ਹੋਏ ਹਨ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਦਰਸ਼ਨ ਦਰਬਾਰ ਬਟਾਲਾ ਦੇ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਨੇ ਕਿਹਾ ਕਿ ਨੌਜਵਾਨ ਆਪਣੇ ਮੂਲ ਸਿਧਾਂਤਾਂ ਤੋਂ ਦੂਰ ਹੋ ਕੇ ਰਸਤੇ ਤੋਂ ਭਟਕ ਰਹੇ ਹਨ ਅਤੇ ਉਨ੍ਹਾਂ ਨੂੰ ਦੁਬਾਰਾ ਸਹੀ ਮਾਰਗ ’ਤੇ ਲਿਆਉਣਾ ਲਾਜ਼ਮੀ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਮੁਕਤੀ ਲਈ ਨੌਜਵਾਨਾਂ ਨੂੰ ਖੇਡਾਂ ਅਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਲੋੜ ਹੈ।ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਤੀਨਿਧਿ ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨਸ਼ਿਆਂ ਕਾਰਨ ਪ੍ਰਭਾਵਿਤ ਹੋ ਰਹੀ ਹੈ ਅਤੇ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਨਸ਼ਿਆਂ ਰਾਹੀਂ ਦੇਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਸੰਘ ਦੇ ਪ੍ਰਾਂਤ ਸੰਯੋਜਕ ਮਦਨਜੀਤ ਸਿੰਘ ਵੱਲੋਂ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਬਾਬਾ ਗੁਰਦੇਵ ਸਿੰਘ ਜੀ ਮਹਾਰਾਜ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸਮਾਗਮ ਲਈ ਪਵਿੱਤਰ ਸਥਾਨ ਪ੍ਰਦਾਨ ਕੀਤਾ। ਇਸ ਮੌਕੇ ’ਤੇ ਵੱਖ-ਵੱਖ ਧਾਰਮਿਕ, ਸਮਾਜਿਕ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ ਅਤੇ ਸਭ ਨੇ ਮਿਲ ਕੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande