
ਅੰਮ੍ਰਿਤਸਰ, 19 ਅਪ੍ਰੈਲ (ਹਿੰ.ਸ.)। ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਵਾਰਡ ਨੰਬਰ 21, ਰੋਜ਼ ਐਵੀਨਿਊ (ਰਸੂਲਪੁਰ) ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਪ੍ਰੋਗਰਾਮ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਅਜਿਹਾ ਸੰਵਿਧਾਨ ਦਿੱਤਾ ਜਿਸਨੇ ਹਰ ਵਰਗ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਰਸਾਏ ਮਾਰਗ `ਤੇ ਚੱਲਣਾ ਅਤੇ ਸਿੱਖਿਆ ਦੇ ਪਸਾਰ ਲਈ ਕੰਮ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।
ਇਹ ਸਮਾਗਮ ਮੇਨ ਰੋਡ, ਜੋੜਾ ਫਾਟਕ ਨੇੜੇ ਕਰਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਆਗੂ ਅਤੇ ਵਾਰਡ ਨੰਬਰ 21 ਦੇ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਬਾਬਾ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਯਾਦ ਕੀਤਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ