
ਜਗਰਾਉਂ, 02 ਅਪ੍ਰੈਲ (ਹਿੰ.ਸ.)|
ਜਗਰਾਉਂ ਵਿੱਚ ਲੁਧਿਆਣਾ-ਫਿਰੋਜ਼ਪੁਰ ਹਾਈਵੇ ’ਤੇ ਬੁੱਧਵਾਰ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 22 ਸਾਲਾ ਨੌਜਵਾਨ ਤੀਰਥ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਹਠੂਰ ਦਾ ਰਹਿਣ ਵਾਲਾ ਸੀ। ਇਸ ਹਾਦਸੇ ਵਿੱਚ ਉਸਦਾ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਤੀਰਥ ਸਿੰਘ ਆਪਣੇ ਸਾਥੀ ਨਾਲ ਬਾਈਕ ’ਤੇ ਮੋਗਾ ਵੱਲੋਂ ਆ ਰਿਹਾ ਸੀ। ਜਦੋਂ ਉਹ ਲੁਧਿਆਣਾ ਰੋਡ ’ਤੇ ਪਹੁੰਚੇ ਤਾਂ ਅਚਾਨਕ ਉਨ੍ਹਾਂ ਦੀ ਬਾਈਕ ਬੇਕਾਬੂ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਫਿਸਲ ਗਈ ਅਤੇ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਪਏ।
ਹਾਦਸੇ ਵਿੱਚ ਤੀਰਥ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਰੋਡ ਸੇਫਟੀ ਫੋਰਸ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਖਮੀ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ ਜਾਰੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH