
ਮਾਲੇਰਕੋਟਲਾ , 02 ਅਪ੍ਰੈਲ (ਹਿੰ.ਸ.)| ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਦੇ ਕੰਮ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਜਨਮ ਤੇ ਮੌਤ ਦੀ ਸੌ ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਸਿਵਲ ਰਜਿਸਟ੍ਰੇਸ਼ਨ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗਠਿਤ ਜ਼ਿਲ੍ਹਾ ਪੱਧਰੀ ਅੰਤਰ ਵਿਭਾਗੀ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਨਿਰਧਾਰਤ ਦਿਨਾਂ ਦੇ ਅੰਦਰ-ਅੰਦਰ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਨਮ ਤੇ ਮੌਤ ਸਰਟੀਫਿਕੇਟ ਇਕ ਜ਼ਰੂਰੀ ਦਸਤਾਵੇਜ਼ ਹੈ, ਇਸ ਲਈ ਅੰਕੜਿਆਂ ਦੇ ਇੰਦਰਾਜ ਸਮੇਂ ਸਹੀ ਵੇਰਵੇ ਦਰਜ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਾਅਦ ਵਿੱਚ ਸਬੰਧਤਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਲੋਕਲ ਰਜਿਸਟਰਾਰਾਂ ਨੂੰ ਜਨਮ ਤੇ ਮੌਤ ਰਜਿਸਟ੍ਰੇਸ਼ਨ ਸਬੰਧੀ ਮਹੀਨਾਵਾਰ ਰਿਪੋਰਟ ਜ਼ਿਲ੍ਹਾ ਰਜਿਸਟਰਾਰ ਜਨਮ ਤੇ ਮੌਤ ਦੇ ਦਫ਼ਤਰ ਵਿਖੇ ਭੇਜਣ ਦੀ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਕਤ ਰਿਪੋਰਟ ਹਰੇਕ ਮਹੀਨੇ ਭੇਜਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਲੋਕਲ ਰਜਿਸਟਰਾਰ ਆਪਣੇ ਦਫ਼ਤਰਾਂ ਦੇ ਬਾਹਰ ਬੋਰਡ ਲਗਾਉਣਾ ਯਕੀਨੀ ਬਣਾਉਣ, ਜਿਸ ਵਿੱਚ ਉਨ੍ਹਾਂ ਦਾ ਨਾਮ, ਅਹੁਦਾ, ਸੰਪਰਕ ਨੰਬਰ, ਕੰਮ ਵਾਲੇ ਦਿਨ ਅਤੇ ਸਮਾਂ ਦਰਸਾਇਆ ਗਿਆ ਹੋਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿੱਖਿਆ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਿਵਲ ਸਪਲਾਈ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਲਾਭਪਾਤਰੀਆਂ ਨੂੰ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਦੀ ਜ਼ਰੂਰਤ ਸਬੰਧੀ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਦੌਰਾਨ ਡੀ.ਐਮ.ਸੀ ਡਾ ਜਗਜੀਤ ਸਿਘ ਨੇ ਕਿਹਾ ਕਿ ਅਣਪਛਾਤੀ ਲਾਸ਼, ਐਕਸੀਡੈਂਟਲ ਕੇਸਾਂ ਵਿੱਚ ਪੁਲਿਸ ਵਿਭਾਗ ਵੱਲੋਂ ਸਬੰਧਤ ਲੋਕਲ ਰਜਿਸਟਰਾਰ ਪਾਸ ਮੌਤ ਦਾ ਇੰਦਰਾਜ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਬੰਧਤਾਂ ਨੂੰ ਮੌਤ ਦਾ ਸਰਟੀਫਿਕੇਟ ਪ੍ਰਾਪਤ ਹੋ ਸਕੇ ਅਤੇ ਤਰੁੱਟੀ ਦੀ ਗੁੰਜਾਇਸ਼ ਘੱਟ ਤੋਂ ਘੱਟ ਰਹੇ।
ਇਸ ਮੌਕੇ ਡੀ.ਡੀ.ਪੀ.ਓ ਰੂਪ ਸਿੰਘ, ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ, ਸੀ.ਡੀ.ਪੀ.ਓ ਪਵਨ ਕੁਮਾਰ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਜਸਪ੍ਰੀਤ ਕੌਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH