
ਚੰਡੀਗੜ੍ਹ, 02 ਅਪ੍ਰੈਲ (ਹਿੰ.ਸ.)| ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਵੱਲੋਂ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਮਹੱਤਵਪੂਰਨ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦੀ ਅਗਵਾਈ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਦੇ ਤਹਿਤ ਹੋਈ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਵਿੱਚ ਮਹੱਤਵਪੂਰਨ ਉਪਲੱਬਧੀਆਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਨੇ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ PMEGP ਅਧੀਨ 457 ਨਵੀਆਂ ਇਕਾਈਆਂ ਸਥਾਪਤ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ 5,027 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਕੁੱਲ 32 ਕਰੋੜ 77 ਲੱਖ 85 ਹਜ਼ਾਰ ਰੁਪਏ ਦੀ ਸਬਸਿਡੀ ਵੀ ਪ੍ਰਦਾਨ ਕੀਤੀ ਗਈ। ਸਥਾਪਿਤ ਕੀਤੀਆਂ ਇਕਾਈਆਂ ਵਿੱਚ ਛੋਟੀ, ਦਰਮਿਆਨੀ ਅਤੇ ਵੱਡੀ ਲਾਗਤ ਵਾਲੀਆਂ ਇਕਾਈਆਂ ਸ਼ਾਮਲ ਹਨ, ਜੋ ਉਦਯੋਗਿਕ ਵਿਕਾਸ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਗਗਨਦੀਪ ਸਿੰਘ ਆਹਲੂਵਾਲੀਆ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿੱਤੀ ਸਾਲ 2026-27 ਲਈ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਹੋਰ ਜ਼ੋਰਸ਼ੋਰ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੋਜਨਾਵਾਂ ਦੀ ਪਹੁੰਚ ਹਰ ਜ਼ਿਲ੍ਹੇ ਅਤੇ ਪਿੰਡ ਤੱਕ ਬਣਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸਦਾ ਲਾਭ ਲੈ ਸਕਣ। ਮੀਟਿੰਗ ਵਿੱਚ ਬੋਰਡ ਦੇ ਮੈਂਬਰ ਸਕੱਤਰ ਰਮਨਦੀਪ ਸਿੰਘ, ਸੁਪਰਡੈਂਟ ਦਵਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH