
ਅੰਮ੍ਰਿਤਸਰ, 02 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ।
ਜਾਣਕਾਰੀ ਅਨੁਸਾਰ ਕਰੀਬ 9 ਤੋਂ 10 ਰਾਊਂਡ ਫਾਇਰਿੰਗ ਕੀਤੀ ਗਈ। ਘਰ ਦੇ ਬਾਹਰ ਲੱਗੇ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ ਅਤੇ ਪਰਿਵਾਰਕ ਮੈਂਬਰਾਂ ਨੂੰ ਮੌਕੇ ਤੋਂ ਖਾਲੀ ਖੋਖੇ ਵੀ ਮਿਲੇ ਹਨ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।
ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ, ਫਿਰ ਵੀ ਇਸ ਤਰ੍ਹਾਂ ਦੀ ਘਟਨਾ ਨੇ ਉਨ੍ਹਾਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
ਇਸ ਘਟਨਾ ਤੋਂ ਬਾਅਦ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਤੁਰੰਤ ਸੁਧਾਰਿਆ ਜਾਵੇ, ਕਿਉਂਕਿ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ।
ਸੂਚਨਾ ਮਿਲਣ ’ਤੇ ਥਾਣਾ ਮਜੀਠਾ ਦੇ ਐਸ.ਐਚ.ਓ. ਅਵਤਾਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਕਿਹਾ ਹੈ ਕਿ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH