ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨ ਦੀ ਅਪੀਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋੜੀਂਦੇ ਪ੍ਰਬੰਧ ਕੀਤੇ : ਡਾ. ਸੰਗੀਤਾ ਜੈਨ ਮੋਹਾਲੀ, 20 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿੱਚ ਹੋਣ ਵਾਲੀਆਂ ਆਮ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੀ ਤਿਆਰੀ ਕਰ ਲਈ ਹੈ
ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ


ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨ ਦੀ ਅਪੀਲ

ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋੜੀਂਦੇ ਪ੍ਰਬੰਧ ਕੀਤੇ : ਡਾ. ਸੰਗੀਤਾ ਜੈਨ

ਮੋਹਾਲੀ, 20 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿੱਚ ਹੋਣ ਵਾਲੀਆਂ ਆਮ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੀ ਤਿਆਰੀ ਕਰ ਲਈ ਹੈ।ਆਗਾਮੀ ਦਿਨਾਂ 'ਚ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕਰ ਲਏ ਹਨ ਤਾਂਕਿ ਪ੍ਰਭਾਵਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਹੀਟ ਸਟਰੋਕ ਯੂਨਿਟ ਕਾਰਜਸ਼ੀਲ ਕੀਤੇ ਗਏ ਹਨ ਅਤੇ ਗਰਮੀ ਨਾਲ ਸਬੰਧਤ ਸਿਹਤ ਸਮੱਸਿਆਵਾਂ ਵਾਲੇ ਮਰੀਜ਼ਾਂ ਲਈ ਬੈੱਡ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ, ਸਰਕਾਰੀ ਹਸਪਤਾਲਾਂ ਵਿੱਚ ਢੁਕਵੀਂ ਮਾਤਰਾ ਵਿੱਚ ਓ.ਆਰ.ਐਸ. ਪੈਕੇਟਾਂ ਦੀ ਸਪਲਾਈ ਸਮੇਤ ਲੋੜੀਂਦੀਆਂ ਦਵਾਈਆਂ ਉਪਲੱਬਧ ਕੀਤੀਆਂ ਗਈਆਂ ਹਨ। ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦਿਨ-ਰਾਤ ਤਿਆਰ ਰਹਿਣ ਲਈ ਕਿਹਾ ਗਿਆ ਹੈ l

ਡਾ. ਜੈਨ ਨੇ ਕਿਹਾ ਕਿ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕਾਂ, ਬਿਰਧਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਵਧੇਰੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿੱਚ ਨਾ ਨਿਕਲਿਆ ਜਾਵੇ, ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਣਾ ਚਾਹੀਦਾ ਹੈ l ਬਾਹਰ ਜਾਣ ਸਮੇਂ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ, ਤੌਲੀਏ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖ਼ਰਬੂਜ਼ਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande