
ਬਠਿੰਡਾ, 20 ਅਪ੍ਰੈਲ (ਹਿੰ.ਸ.)। ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣਾ ਸੂਬੇ ਲਈ ਇੱਕ ਇਤਿਹਾਸਕ ਪਲ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਪਾਸ ਕੀਤਾ ਗਿਆ ਇਹ ਬਿਲ ਹੁਣ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਹਸਤਾਖਰਾਂ ਤੋਂ ਬਾਅਦ ਕਾਨੂੰਨ ਬਣ ਗਿਆ ਹੈ।ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਲਿਆਂਦਾ ਗਿਆ ਇਹ ਬਿਲ ਕਾਨੂੰਨ ਬਣ ਕੇ ਸਾਰੇ ਪੰਜਾਬ ਅਤੇ ਦੁਨੀਆ ਭਰ ਦੀ ਸਿੱਖ ਸੰਗਤ ਲਈ ਵੱਡੀ ਖੁਸ਼ਖਬਰੀ ਹੈ। ਇਹ ਸਿਰਫ਼ ਕਾਨੂੰਨ ਨਹੀਂ, ਸਗੋਂ ਸੰਗਤ ਦੀਆਂ ਅਰਦਾਸਾਂ ਅਤੇ ਲੰਬੇ ਸੰਘਰਸ਼ ਦਾ ਨਤੀਜਾ ਹੈ। ਇਸ ਇਤਿਹਾਸਕ ਕਦਮ ਨਾਲ ਸਿੱਖ ਕੌਮ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ। ਬੇਅਦਬੀ ਵਰਗੇ ਸੰਵੇਦਨਸ਼ੀਲ ਮਸਲੇ 'ਤੇ ਸਖ਼ਤ ਕਾਨੂੰਨੀ ਪ੍ਰਬੰਧ ਲਿਆ ਕੇ ਪੰਜਾਬ ਸਰਕਾਰ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਹੁਣ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ।ਨੀਲ ਗਰਗ ਨੇ ਇਸ ਕਾਨੂੰਨ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਵਿਧਾਇਕਾਂ, ਸੰਤ ਮਹਾਪੁਰਖਾਂ ਅਤੇ ਕਾਨੂੰਨੀ ਮਾਹਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਮੂਹ ਸਿੱਖ ਸੰਗਤ ਨੂੰ ਇਸ ਇਤਿਹਾਸਕ ਮੌਕੇ 'ਤੇ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਕਾਨੂੰਨ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਧਾਰਮਿਕ ਸਨਮਾਨ ਨੂੰ ਹੋਰ ਮਜ਼ਬੂਤ ਕਰੇਗਾ। ਚੇਅਰਮੈਨ ਨੀਲ ਗਰਗ ਨੇ ਕਿਹਾ ਇਹ ਸਿਰਫ਼ ਇੱਕ ਕਾਨੂੰਨ ਨਹੀਂ, ਸਗੋਂ ਪੰਜਾਬ ਦੀ ਆਤਮਾ ਦੀ ਰੱਖਿਆ ਲਈ ਲਿਆ ਗਿਆ ਇਤਿਹਾਸਕ ਫੈਸਲਾ ਹੈ। ਅਸੀਂ ਸਾਰੇ ਗੁਰੂ ਸਾਹਿਬ ਦੇ ਅੱਗੇ ਸਿਰ ਨਿਵਾਉਂਦੇ ਹਾਂ ਅਤੇ ਇਸ ਸੇਵਾ ਲਈ ਉਨ੍ਹਾਂ ਦਾ ਕੋਟਿ-ਕੋਟਿ ਧੰਨਵਾਦ ਕਰਦੇ ਹਾਂ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ