
ਨਵੀਂ ਦਿੱਲੀ, 24 ਅਪ੍ਰੈਲ (ਹਿੰ.ਸ.)। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.) ਨੇ ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਇੱਕ ਨਿੱਜੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦਾ ਖੁਦ ਨੋਟਿਸ ਲੈਂਦੇ ਹੋਏ ਰਾਜ ਦੇ ਮੁੱਖ ਸਕੱਤਰ ਅਤੇ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਦੋ ਹਫ਼ਤਿਆਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਮੰਗੀ ਹੈ।
ਕਮਿਸ਼ਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਬੀਤੀ 20 ਅਪ੍ਰੈਲ ਨੂੰ ਪ੍ਰਕਾਸ਼ਿਤ ਮੀਡੀਆ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਧਮਾਕਾ 19 ਅਪ੍ਰੈਲ ਨੂੰ ਨਿਰਮਾਣ ਪ੍ਰਕਿਰਿਆ ਦੌਰਾਨ ਰਸਾਇਣਕ ਮਿਸ਼ਰਣ ਅਤੇ ਰਗੜ ਕਾਰਨ ਹੋਇਆ। ਘਟਨਾ ਸਮੇਂ ਔਰਤਾਂ ਸਮੇਤ 100 ਤੋਂ ਵੱਧ ਕਾਮੇ ਫੈਕਟਰੀ ਵਿੱਚ ਮੌਜੂਦ ਸਨ। ਜ਼ਖਮੀ ਕਾਮਿਆਂ ਨੂੰ ਵਿਰੁਧੂਨਗਰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ। ਹਾਲ ਹੀ ਵਿੱਚ ਜ਼ਿਲ੍ਹੇ ਵਿੱਚ ਵਾਪਰੀ ਇੱਕ ਅਜਿਹੀ ਹੀ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ।
ਕਮਿਸ਼ਨ ਨੇ ਰਿਪੋਰਟ ਵਿੱਚ ਜ਼ਖਮੀਆਂ ਦੀ ਸਿਹਤ ਸਥਿਤੀ, ਮਾਮਲੇ ਦੀ ਜਾਂਚ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਨੂੰ ਦਿੱਤੇ ਗਏ ਮੁਆਵਜ਼ੇ ਦੇ ਵੇਰਵੇ ਵੀ ਸ਼ਾਮਲ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਵਿਰੁਧੂਨਗਰ ਧਮਾਕੇ ਵਿੱਚ 23 ਮਜ਼ਦੂਰਾਂ ਦੀ ਮੌਤ ਹੋ ਗਈ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ