
ਜਲੰਧਰ, 24 ਅਪ੍ਰੈਲ (ਹਿੰ.ਸ.)| ਜਲੰਧਰ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਫੈਦ ਰੰਗ ਦੀ ਬ੍ਰੇਜ਼ਾ ਕਾਰ ਤੋਂ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਤਰਨਤਾਰਨ ਦੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਕ੍ਰਾਈਮ ਬ੍ਰਾਂਚ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਕੀਤੀ ਗਈ। ਇਸ ਦੌਰਾਨ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਸਫੈਦ ਬ੍ਰੇਜ਼ਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਮਿਲੀ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਕਰਨ ਸਿੰਘ ਉਰਫ਼ ਕਰਨ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਅਨੁਸਾਰ ਜਸਕਰਨ ਸਿੰਘ ਡਰਾਈਵਰ ਦਾ ਕੰਮ ਕਰਦਾ ਸੀ ਜਦਕਿ ਸੁਖਦੇਵ ਸਿੰਘ ਡੇਅਰੀ ਚਲਾਉਂਦਾ ਸੀ।
ਪੁਲਿਸ ਦੀ ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਪਿਛਲੇ 6 ਮਹੀਨਿਆਂ ਤੋਂ ਹੈਰੋਇਨ ਦੀ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਸਨ। ਆਮ ਕੰਮਾਂ ਦੀ ਆੜ ਵਿੱਚ ਇਹ ਨਸ਼ੇ ਦਾ ਗੈਰਕਾਨੂੰਨੀ ਕਾਰੋਬਾਰ ਚਲਾ ਰਹੇ ਸਨ। ਥਾਣਾ ਬਸਤੀ ਬਾਵਾ ਖੇਲ ਵਿੱਚ ਐਫਆਈਆਰ ਨੰਬਰ 97 ਤਹਿਤ NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ੇ ਦੇ ਨੈੱਟਵਰਕ ਨਾਲ ਜੁੜੇ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH