
ਫਰੀਦਕੋਟ, 24 ਅਪ੍ਰੈਲ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਕਾਰਵਾਈ ਕਰਦਿਆਂ ਲੁੱਟਖੋਹ ਦੀ ਯੋਜਨਾ ਬਣਾਉਂਦੇ ਇੱਕ ਗਿਰੋਹ ਦੇ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿੱਪਨ ਸਿੰਘ ਉਰਫ ਨਿੱਕੀ ਅਤੇ ਹਰਕੀਰਤ ਸਿੰਘ ਵਾਸੀ ਪਿੰਡ ਵਾੜਾ ਦਰਾਕਾ, ਹਰਜਿੰਦਰ ਸਿੰਘ ਉਰਫ ਜਿੰਦੀ ਵਾਸੀ ਪਿੰਡ ਦੇਵੀਵਾਲਾ, ਅਰਮਾਨਦੀਪ ਸਿੰਘ ਉਰਫ ਪ੍ਰਿੰਸ ਵਾਸੀ ਫਰੀਦਕੋਟ ਅਤੇ ਜਸ਼ਨ ਵਾਸੀ ਪਿੰਡ ਥਾੜਾ ਵਜੋਂ ਹੋਈ ਹੈ। ਇਨ੍ਹਾਂ ਖਿਲਾਫ ਥਾਣਾ ਸਦਰ ਕੋਟਕਪੂਰਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਅਸਾਮਾਜਿਕ ਤੱਤਾਂ ਖਿਲਾਫ ਚਲ ਰਹੀ ਮੁਹਿੰਮ ਤਹਿਤ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਅਤੇ ਐਸਐਚਓ ਇੰਸਪੈਕਟਰ ਗੁਰਦਿੱਤਾ ਸਿੰਘ ਦੀ ਦੇਖਰੇਖ ਹੇਠ ਏਐਸਆਈ ਕਰਤਾਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਪੰਜੇ ਵਿਅਕਤੀ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਹਨ ਅਤੇ ਨਸ਼ੇ ਦੀ ਲਤ ਪੂਰੀ ਕਰਨ ਲਈ ਲੁੱਟਖੋਹ ਦੀਆਂ ਵਾਰਦਾਤਾਂ ਕਰਦੇ ਹਨ। ਸੂਚਨਾ ਮੁਤਾਬਕ ਉਹ ਪਿੰਡ ਸੰਧਵਾਂ ਤੋਂ ਜਲਾਲੇਆਣਾ ਲਿੰਕ ਰੋਡ ‘ਤੇ ਸੁਏ ਦੀ ਪੱਟੀ ਕੋਲ ਲੁੱਕ ਕੇ ਰਾਹਗੀਰਾਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਛਾਪੇਮਾਰੀ ਕੀਤੀ ਅਤੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕੋਲੋਂ ਇੱਕ ਤਲਵਾਰ, ਲੋਹੇ ਦੀ ਰੌਡ, ਬੇਸਬਾਲ ਬੈਟ ਸਮੇਤ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਵਿੱਚੋਂ ਦੋ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਉਨ੍ਹਾਂ ਨੇ ਇਲਾਕੇ ਵਿੱਚ ਹੋਰ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH