
ਅੰਮ੍ਰਿਤਸਰ , 24 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਪੁਲਿਸ ਨੇ ਮਜੀਠਾ ਰੋਡ ਇਲਾਕੇ ਵਿੱਚ ਇੱਕ ਲੜਕੀ ਤੋਂ ਪਰਸ ਝਪਟ ਕੇ ਫਰਾਰ ਹੋਏ ਦੋਸ਼ੀ ਨੂੰ ਕੁਝ ਘੰਟਿਆਂ ਵਿੱਚ ਹੀ ਕਾਬੂ ਕਰ ਲਿਆ। ਇਸ ਮਾਮਲੇ ਸਬੰਧੀ ਥਾਣਾ ਮਜੀਠਾ ਰੋਡ ਵਿੱਚ ਬੀਐਨਐਸ ਦੀ ਧਾਰਾ 304(2) ਅਧੀਨ ਕੇਸ ਦਰਜ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਸਿਮਰਨਜੀਤ ਕੌਰ ਵਾਸੀ ਅੰਮ੍ਰਿਤਸਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਮਜੀਠਾ ਰੋਡ ਸਥਿਤ ਹੰਸਰਾਜ ਛੋਲੇ ਵਾਲੇ ਦੀ ਦੁਕਾਨ ਦੇ ਬਾਹਰ ਖਾਣਾ ਖਾ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਅਚਾਨਕ ਆਇਆ ਅਤੇ ਉਸਦਾ ਪਰਸ ਝਪਟ ਕੇ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਕਮਿਸ਼ਨਰ ਦੇ ਹੁਕਮਾਂ ਅਤੇ ਉੱਚ ਅਧਿਕਾਰੀਆਂ ਦੀ ਦੇਖ-ਰੇਖ ਹੇਠ ਥਾਣਾ ਮਜੀਠਾ ਰੋਡ ਦੀ ਟੀਮ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਤਕਨੀਕੀ ਸਾਧਨਾਂ ਅਤੇ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਕੁਝ ਘੰਟਿਆਂ ਦੇ ਅੰਦਰ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
ਗ੍ਰਿਫਤਾਰ ਦੋਸ਼ੀ ਦੀ ਪਛਾਣ ਸੂਰਜ ਵਾਸੀ ਸ਼ਿਵਪੁਰੀ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਝਪੜਿਆ ਪਰਸ, ਸੈਮਸੰਗ A-13 ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਵਰਤੀ ਗਈ ਹੋਂਡਾ ਐਕਟਿਵਾ ਵੀ ਬਰਾਮਦ ਕਰ ਲਈ ਹੈ। ਪੁਲਿਸ ਵੱਲੋਂ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਹੋਰ ਕਿਸੇ ਵਾਰਦਾਤ ਵਿੱਚ ਵੀ ਸ਼ਾਮਲ ਤਾਂ ਨਹੀਂ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH