
ਚੰਡੀਗੜ੍ਹ, 24 ਅਪ੍ਰੈਲ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 3 ਮਈ 2026 ਨੂੰ ਆਯੋਜਿਤ ਹੋਣ ਵਾਲੀ ਨੀਟ ਪ੍ਰੀਖਿਆ ਦੀ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਿੰਟੈਂਡੈਂਟਾਂ ਨਾਲ ਕੀਤੀ ਗਈ। ਮੁੱਖ ਮੰਤਰੀ ਨੇ ਸਪਸ਼ਟ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਨੂੰ ਸ਼ਾਂਤੀਪੂਰਣ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੂਬੇ ਵਿੱਚ ਕੁੱਲ 175 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿੱਥੇ ਲਗਭਗ 65,000 ਵਿਦਿਆਰਥੀ ਪ੍ਰੀਖਿਆ ਦੇਣਗੇ। ਮੁੱਖ ਮੰਤਰੀ ਨੇ ਪ੍ਰੀਖਿਆਰਥੀਆਂ ਲਈ ਪਾਣੀ, ਬਿਜਲੀ, ਪਖਾਨੇ ਅਤੇ ਬੈਠਣ ਦੀ ਸੁਵਿਧਾ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਨਾਲ ਹੀ ਆਵਾਜਾਈ ਪ੍ਰਬੰਧ ਸੁਚਾਰੂ ਰੱਖਣ ਅਤੇ ਮਾਪਿਆਂ ਲਈ ਪਾਰਕਿੰਗ ਦੀ ਵਿਵਸਥਾ ਕਰਨ ਨੂੰ ਵੀ ਕਿਹਾ ਗਿਆ।
ਸੁਰੱਖਿਆ ਨੂੰ ਲੈ ਕੇ ਵੀ ਕੜੇ ਪ੍ਰਬੰਧ ਕੀਤੇ ਗਏ ਹਨ। ਪ੍ਰੀਖਿਆ ਕੇਂਦਰਾਂ ਦੇ ਨੇੜੇ ਐਂਬੂਲੈਂਸਾਂ ਤੈਨਾਤ ਕੀਤੀਆਂ ਜਾਣਗੀਆਂ ਅਤੇ ਡਾਇਲ 112 ਸੇਵਾ ਨੂੰ ਵੀ ਤਿਆਰ ਰੱਖਿਆ ਜਾਵੇਗਾ। ਇਸਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਵਾਲਿਆਂ ‘ਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਸੀਈਟੀ ਪ੍ਰੀਖਿਆ ਦੀ ਸਫਲਤਾ ਨੂੰ ਕੇਂਦਰ ਸਰਕਾਰ ਨੇ ਵੀ ਸਰਾਹਿਆ ਹੈ, ਇਸ ਲਈ ਨੀਟ ਪ੍ਰੀਖਿਆ ਵਿੱਚ ਵੀ ਉਹੀ ਮਿਆਰ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਅਤੇ ਸੀਸੀਟੀਵੀ ਨਿਗਰਾਨੀ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਪ੍ਰੀਖਿਆਰਥੀਆਂ ਨੂੰ 11 ਵਜੇ ਤੋਂ 1:30 ਵਜੇ ਤੱਕ ਪ੍ਰੀਖਿਆ ਕੇਂਦਰ ਵਿੱਚ ਦਾਖਲਾ ਮਿਲੇਗਾ, ਇਸ ਤੋਂ ਬਾਅਦ ਐਂਟਰੀ ਬੰਦ ਕਰ ਦਿੱਤੀ ਜਾਵੇਗੀ। ਪ੍ਰੀਖਿਆ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਆਫਲਾਈਨ ਮੋਡ ਵਿੱਚ ਹੋਵੇਗੀ। ਐਨਟੀਏ ਦੇ ਡਾਇਰੈਕਟਰ ਅਭਿਸ਼ੇਕ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਾਰੇ ਕੇਂਦਰਾਂ ‘ਤੇ ਬਾਇਓਮੈਟ੍ਰਿਕ ਤਸਦੀਕ, ਸੀਸੀਟੀਵੀ ਕੈਮਰੇ, ਜੈਮਰ ਅਤੇ ਸੁਰੱਖਿਆ ਕਾਊਂਟਰ ਤਿਆਰ ਕਰ ਲਏ ਗਏ ਹਨ। ਹਰ 100 ਵਿਦਿਆਰਥੀਆਂ ਲਈ ਇੱਕ ਸੁਰੱਖਿਆ ਕਾਊਂਟਰ ਅਤੇ 48 ਵਿਦਿਆਰਥੀਆਂ ‘ਤੇ ਇੱਕ ਬਾਇਓਮੈਟ੍ਰਿਕ ਡਿਵਾਈਸ ਲਗਾਈ ਜਾਵੇਗੀ।
ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਵਿਦਿਆਰਥੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਨਿਰਪੱਖ ਅਤੇ ਸੁਚੱਜਾ ਮਾਹੌਲ ਮਿਲੇ, ਤਾਂ ਜੋ ਉਹ ਆਪਣੀ ਪ੍ਰੀਖਿਆ ਪੂਰੀ ਸ਼ਾਂਤੀ ਨਾਲ ਦੇ ਸਕਣ।
ਹਿੰਦੂਸਥਾਨ ਸਮਾਚਾਰ / GURSHARAN SINGH