
ਅੰਮ੍ਰਿਤਸਰ, 25 ਅਪ੍ਰੈਲ (ਹਿੰ.ਸ.)| ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 2 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਸੀ, ਜੋ ਹੁਣ ਖਤਮ ਹੋ ਚੁੱਕਾ ਹੈ। ਇਹ ਜਾਣਕਾਰੀ ਉਨ੍ਹਾਂ ਦੇ ਕੇਸ ਦੀ ਪੈਰਵੀ ਕਰ ਰਹੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ 21 ਅਪ੍ਰੈਲ ਨੂੰ ਅਸਾਮ ਦੀ ਡਿਬਰੂਗੜ੍ਹ ਸੈਂਟ੍ਰਲ ਜੇਲ੍ਹ ਪਹੁੰਚੀ ਸੀ, ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਅਧੀਨ ਰੱਖਿਆ ਗਿਆ ਸੀ। 22 ਅਪ੍ਰੈਲ ਨੂੰ ਉਨ੍ਹਾਂ ਦੀ ਐਨਐਸਏ ਅਧੀਨ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਪੁਲਿਸ ਨੇ ਪੁਰਾਣੇ ਮਾਮਲਿਆਂ ਵਿੱਚ ਕਾਰਵਾਈ ਤੇਜ਼ ਕਰ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਿਤੁਰਾਜ ਸਿੰਘ ਮੁਤਾਬਕ, ਭਾਵੇਂ ਐਨਐਸਏ ਖਤਮ ਹੋ ਚੁੱਕਾ ਹੈ, ਪਰ FIR ਨੰਬਰ 39 ਹੇਠ ਕਾਰਵਾਈ ਜਾਰੀ ਹੈ। ਇਸ ਕੇਸ ਵਿੱਚ ਧਾਰਾ 307 ਸਮੇਤ ਕਈ ਗੰਭੀਰ ਦੋਸ਼ ਲਗੇ ਹੋਏ ਹਨ। ਵਕੀਲਾਂ ਅਨੁਸਾਰ, ਇਸ ਮਾਮਲੇ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪੇਸ਼ੀ ਪਹਿਲਾਂ ਹੀ ਅਦਾਲਤ ਵਿੱਚ ਹੋ ਚੁੱਕੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH