
ਲੁਧਿਆਣਾ, 25 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਬਸਤੀ ਜੋਧੇਵਾਲ ਇਲਾਕੇ ਵਿੱਚ ਸਥਿਤ ਰਾਹੋਂ ਰੋਡ ‘ਤੇ ਸ਼ੁੱਕਰਵਾਰ ਦੇਰ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਤੇਜ਼ ਰਫ਼ਤਾਰ ਪਿਕਅਪ ਟਰੱਕ ਨੇ ਸਾਈਕਲ ਸਵਾਰ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਮੁਹੰਮਦ ਮੁਸਤਕੀਮ (50) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਲੁਧਿਆਣਾ ਵਿੱਚ ਦਰਜ਼ੀ ਦਾ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ ਮੁਸਤਕੀਮ ਦੇਰ ਰਾਤ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਪਿਕਅਪ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਖੂਨ ਨਾਲ ਲਥਪਥ ਹੋ ਗਿਆ ਅਤੇ ਗੱਡੀ ਦਾ ਟਾਇਰ ਉਸਦੇ ਚਿਹਰੇ ‘ਤੇ ਚੜ੍ਹ ਗਿਆ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਮੇਹਰਬਾਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪਿਕਅਪ ਵਾਹਨ ਨੂੰ ਕਬਜ਼ੇ ‘ਚ ਲੈ ਲਿਆ। ਇਸ ਹਾਦਸੇ ਤੋਂ ਬਾਅਦ ਦੇਰ ਰਾਤ ਵੱਡੀ ਗਿਣਤੀ ਵਿੱਚ ਲੋਕ ਥਾਣਾ ਮੇਹਰਬਾਨ ਦੇ ਬਾਹਰ ਇਕੱਠੇ ਹੋ ਗਏ ਅਤੇ ਪ੍ਰਸ਼ਾਸਨ ਤੋਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਅਗਲੇਰੀ ਕਾਰਵਾਈ ਲਈ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਭੱਜੇ ਹੋਏ ਡਰਾਈਵਰ ਦੀ ਤਲਾਸ਼ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH