
ਅੰਮ੍ਰਿਤਸਰ, 26 ਅਪ੍ਰੈਲ (ਹਿੰ.ਸ.)| ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦੇਹਾਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੁਣ ਤੱਕ ਜਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਿਯਮਾਂ ਅਨੁਸਾਰ ਨਸ਼ਟ ਕਰ ਦਿੱਤਾ ਹੈ। ਇਹ ਸਮੱਗਰੀ ਕੁੱਲ 670 ਮਾਮਲਿਆਂ ਨਾਲ ਸੰਬੰਧਿਤ ਸੀ। ਪੁਲਿਸ ਵੱਲੋਂ ਨਸ਼ਟ ਕੀਤੇ ਗਏ ਪਦਾਰਥਾਂ ਵਿੱਚ ਹੈਰੋਇਨ, ਚੂਰਾ ਪੋਸਤ, ਨਸ਼ੀਲਾ ਪਾਊਡਰ, ਵੱਖ-ਵੱਖ ਕਿਸਮ ਦੀਆਂ ਗੋਲੀਆਂ ਅਤੇ ਇੰਜੈਕਸ਼ਨ ਸ਼ਾਮਲ ਸਨ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਨਸ਼ਾਮੁਕਤ ਸਮਾਜ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਨਸ਼ਿਆਂ ਨਾਲ ਸੰਬੰਧਿਤ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ, ਤਾਂ ਜੋ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਿਆ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH