
ਮੋਹਾਲੀ, 26 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਵਰਗੀਆਂ ਮੁਹਿੰਮਾਂ ਰਾਹੀਂ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਰਹਿਨੁਮਾਈ ਹੇਠ ਪੀ.ਐੱਚ.ਸੀ ਘੜੂੰਆਂ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।
ਇਸ ਮੌਕੇ ਨਰਸਿੰਗ ਵਿਦਿਆਰਥੀਆਂ ਲਈ ਮਲੇਰੀਆ ਬਾਰੇ ਵਿਸਥਾਰਪੂਰਵਕ ਲੈਕਚਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਲੇਰੀਆ ਦੇ ਕਾਰਨ, ਲੱਛਣ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਜਾਗਰੂਕਤਾ ਵਧਾਉਣ ਲਈ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਕਾਰਜਕ੍ਰਮ ਦੌਰਾਨ ਉਹ ਸਿਹਤ ਕਰਮਚਾਰੀ ਜੋ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਨਾਲ ਹੋਰ ਸਟਾਫ ਨੂੰ ਵੀ ਪ੍ਰੇਰਨਾ ਮਿਲੀ।
ਇਸ ਮੌਕੇ ਮੈਡੀਕਲ ਅਫਸਰ ਡਾ. ਸਰੋਜ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਹੈਲਥ ਸੁਪਰਵਾਈਜ਼ਰ ਦਵਿੰਦਰ ਸਿੰਘ, ਹੈਲਥ ਵਰਕਰ ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ ਅਤੇ ਨਰਸਿੰਗ ਅਧਿਆਪਕਾ ਅਨੁਪਮਾ ਸ਼ਰਮਾ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਮਲੇਰੀਆ ਇੱਕ ਰੋਕਥਾਮਯੋਗ ਬਿਮਾਰੀ ਹੈ ਅਤੇ ਸਾਨੂੰ ਸਭ ਨੂੰ ਮਿਲਕੇ ਇਸ ਦੇ ਖ਼ਾਤਮੇ ਲਈ ਕੰਮ ਕਰਨਾ ਚਾਹੀਦਾ ਹੈ। ਸਾਫ਼-ਸੁਥਰਾ ਵਾਤਾਵਰਣ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਇਸ ਬਿਮਾਰੀ ਤੋਂ ਬਚਾਅ ਦਾ ਸਭ ਤੋਂ ਵਧੀਆ ਤਰੀਕਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH