
ਬਟਾਲਾ, 26 ਅਪ੍ਰੈਲ (ਹਿੰ.ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਪੰਜਾਬ ਅਤੇ ਸਮੂਹ ਖੰਡ ਮਿੱਲਾ ਵਲੋਂ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪੰਜਾਬ ਭਰ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਹਿਯੋਗ ਨਾਲ ਇੱਕੋ ਦਿਨ 441 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ 4363 ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਲੜੀ ਤਹਿਤ ਪਿੰਡ ਸਹਾਰੀ ਵਿਚ ਕੀਤੀ ਮੀਟਿੰਗ ਵਿਚ ਇਕੱਤਰ ਗੰਨਾ ਕਾਸ਼ਤਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਯੂਰੀਆ ਦੀ ਵਧ ਰਹੀ ਖਪਤ ਦੇ ਮੱਦੇਨਜ਼ਰ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤ ਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਲਈ ਚਲਾਈ ਮੁਹਿੰਮ ਤਹਿਤ ਪਿੰਡ ਪੱਧਰ। ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ, ਆਮ ਫ਼ਸਲਾਂ ਜਿਵੇਂ ਕਣਕ ਝੋਨੇ, ਮੱਕੀ ਆਦਿ ਨਾਲੋਂ, ਗੰਨੇ ਦੀ ਫ਼ਸਲ ਨੂੰ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ ਅਤੇ ਪੀ.ਏ. ਯੂ ਲੁਧਿਆਣਾ ਵਲੋਂ ਬੀਜੜ੍ਹ ਗੰਨੇ ਦੀ ਫ਼ਸਲ ਲਈ 135 ਕਿਲੋ ਯੂਰੀਆ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਪ੍ਰਤੀ ਏਕੜ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ਾਂ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ।
ਉਨ੍ਹਾਂ ਦੱਸਿਆ ਕਿ ਧਿਆਨ ਵਿਚ ਆਇਆ ਹੈ ਕਿ ਗੰਨਾ ਕਾਸ਼ਤਕਾਰਾਂ ਵਲੋਂ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਵੱਧ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ। ਕਈ ਵਾਰ ਤਾਂ ਇਹ ਵੀ ਦੇਖਿਆ ਗਿਆ ਹੈ ਕਿ ਸਤੰਬਰ ਮਹੀਨੇ ਦੌਰਾਨ ,ਜਦੋਂ ਪੂਰੇ ਗੰਨੇ ਬਣ ਚੁੱਕੇ ਹੁੰਦੇ ਹਨ ਤਾਂ ਵੀ ਗੰਨਾ ਕਾਸ਼ਤਕਾਰਾਂ ਵਲੋਂ ਯੂਰੀਆ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਪੋਗੇ ਗੰਨੇ ਅਤੇ ਮੁੱਢ ਤੋਂ ਹੋਰ ਫੋਟ ਫੁੱਟਦੀ ਹੈ ਜੋ ਪੀੜ੍ਹਨਯੋਗ ਗੰਨਿਆਂ ਵਿਚ ਤਬਦੀਲ ਨਹੀਂ ਹੁੰਦੇ ਹਨ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਘਟਾਉਣ ਵਿਚ ਸਹਾਈ ਹੁੰਦੇ ਹਨ।
ਡਾ. ਪਵਿੱਤਰ ਸਿੰਘ ਮੁੱਖ ਗੰਨਾ ਵਿਕਾਸ ਅਫ਼ਸਰ ਨੇ ਕਿਹਾ ਕਿ ਬਹਾਰ ਰੁੱਤ ਦੇ ਗੰਨੇ ਦੀ ਬਿਜਾਈ ਤਕਰੀਬਨ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਤੋਂ ਇਲਾਵਾ ਫਾਸਫੇਟਿਕ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ,ਜੇਕਰ ਮਿੱਟੀ ਪਰਖ ਦੀ ਰਿਪੋਰਟ ਮੁਤਾਬਕ ਫਾਸਫੋਰਸ ਤੱਤ ਦੀ ਘਾਟ ਹੈ ਤਾਂ 75 ਕਿਲੋ ਸਿੰਗਲ ਸਪਰਫਾਸਫੇਟ ਖਾਦ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ।
ਉਨ੍ਹਾਂ ਦਸਿਆ ਕਿ ਸਿਫਾਰਸ਼ਾਂ ਮੁਤਾਬਕ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫ਼ਸਲ ਦੇ ਉੱਗਣ ਉਪਰੰਤ ਪਹਿਲੇ ਪਾਣੀ ਤੋਂ ਪਹਿਲਾ ਪਹਿਲੀ ਕਿਸ਼ਤ 65 ਕਿਲੋ ਯੂਰੀਆ ਫ਼ਸਲ ਦੀਆਂ ਲਾਈਨਾਂ ਦੇ ਨਾਲ ਨਾਲ ਪਾਉਣੀ ਚਾਹੀਦੀ ਹੈ ਅਤੇ ਬਾਕੀ ਦੀ 65 ਕਿਲੋ ਯੂਰੀਆ ਮਈ - ਜੂਨ ਵਿਚ ਪਾ ਦੇਣੀ ਚਾਹੀਦੀ ਹੈ । ਇਸੇ ਤਰਾਂ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ, ਪਹਿਲਾ 65 ਕਿਲੋ ਯੂਰੀਆ ਦੀ ਕਿਸ਼ਤ ਗੋਡੀ ਜਾਂ ਵਾਹੀ ਸਮੇਂ, ਦੂਜੀ ਕਿਸ਼ਤ ਅਪ੍ਰੈਲ ਅਤੇ ਤੀਜੀ ਕਿਸ਼ਤ ਮਈ ਵਿਚ ਪਾ ਦੇਣੀ ਚਾਹੀਦੀ ਹੈ।
ਖੇਤੀ ਵਿਸਥਾਰ ਅਫ਼ਸਰ ਅਰਜਿੰਦਰ ਸਿੰਘ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਸਰਕਾਰੀ ਸਕੀਮਾਂ ਦੀ ਸਹੂਲਤ ਲੈਣ ਲਈ ਆਪਣੀ ਐਗਰੀ ਸਟੈਕ ਰਜਿਸਟਰੀ ਕਰਵਾਉਣ ਅਤੇ ਆਪਣੀ ਆਈ ਡੀ ਬਣਾਉਣ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਨ। ਇਸ ਮੌਕੇ ਡਾ. ਗਗਨ ਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ (ਗੰਨਾ), ਬਿਕਰਮ ਜੀਤ ਸਿੰਘ ਖੇਤੀ ਉਪ ਨਿਰੀਖਕ, ਪਲਵਿੰਦਰ ਸਿੰਘ, ਸੁਖਬਰਿੰਦਰ ਸਿੰਘ, ਜੋਗਾ ਸਿੰਘ ਸਮੇਤ ਕਿਸਾਨ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ