
ਸ਼੍ਰੀ ਅਨੰਦਪੁਰ ਸਾਹਿਬ, 27 ਅਪ੍ਰੈਲ (ਹਿੰ.ਸ.)। ਸਿਹਤ ਵਿਭਾਗ ਪੰਜਾਬ ਵੱਲੋਂ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾ. ਹਰਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਭਾਈ ਜੈਤਾ ਜੀ ਸਿਵਲ ਹਸਪਤਾਲ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਆਸ਼ਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੀਆਂ ਸਮੂਹ ਆਸ਼ਾ ਵਰਕਰਾਂ ਨੇ ਭਾਗ ਲਿਆ ਅਤੇ ਸਿਹਤ ਸੇਵਾਵਾਂ ਵਿੱਚ ਆਪਣੇ ਯੋਗਦਾਨ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਕੀਤਾ।
ਇਸ ਮੌਕੇ ਡਾ. ਅਪਰਾਜਿਤਾ ਨੋਡਲ ਅਫਸਰ ਆਸ਼ਾ ਪ੍ਰੋਗਰਾਮ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਜੋ ਸਰਕਾਰ ਦੀਆਂ ਵੱਖ-ਵੱਖ ਸਿਹਤ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜੱਚਾ-ਬੱਚਾ ਸੁਰੱਖਿਆ ਸਕੀਮ, ਜਨਨੀ ਸੁਰੱਖਿਆ ਯੋਜਨਾ, ਟੀਕਾਕਰਨ ਅਤੇ ਪਲਸ ਪੋਲਿਓ ਪ੍ਰੋਗਰਾਮ ਸਮੇਤ ਟੀ.ਬੀ. ਅਤੇ ਗੈਰ-ਸੰਚਾਰੀ ਬੀਮਾਰੀਆਂ ਦੇ ਕੰਟਰੋਲ ਲਈ ਆਸ਼ਾ ਵਰਕਰ ਘਰ-ਘਰ ਤੱਕ ਜਾਗਰੂਕਤਾ ਪੈਦਾ ਕਰ ਰਹੀਆਂ ਹਨ।
ਡਾ. ਹਰਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਨੇ ਆਪਣੇ ਸੰਬੋਧਨ ਵਿੱਚ ਆਸ਼ਾ ਵਰਕਰਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦੀਆਂ ਹਨ, ਜੋ ਸਿਹਤ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਸਹਾਇਕ ਹਨ। ਇਸ ਮੌਕੇ ਉਨ੍ਹਾਂ ਵੱਲੋਂ ਆਸ਼ਾ ਵਰਕਰਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਾ. ਅਮਰਿੰਦਰ ਸਿੰਘ, ਡਾ. ਰਣਬੀਰ ਸਿੰਘ, ਗੁਰਪ੍ਰੀਤ ਬੈਂਸ, ਕਾਂਤਾ ਦੇਵੀ, ਮਿੰਨੀ, ਕੁਲਵਿੰਦਰ ਕੌਰ, ਸੁਰਜੀਤ ਸਿੰਘ, ਬਿੰਦੀਆ ਪ੍ਰਾਸ਼ਰ, ਅਮਨਦੀਪ ਕੌਰ, ਨੀਰਜ ਸ਼ਰਮਾ, ਰਾਣਾ ਬਖਤਾਬਰ ਸਿੰਘ, ਸੰਜੀਵ ਕੁਮਾਰ, ਯਸ਼ਪਾਲ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ