
ਮੋਗਾ, 27 ਅਪ੍ਰੈਲ (ਹਿੰ.ਸ.)| ਮੋਗਾ ਦੇ ਕੋਟਕਪੂਰਾ ਬਾਈਪਾਸ ਨੇੜੇ ਸੋਮਵਾਰ ਸਵੇਰੇ ਇੱਕ ਕਾਰ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ, ਕੋਟਕਪੂਰਾ ਪੁਲ ਦੇ ਹੇਠਾਂ ਪ੍ਰੇਮ ਦੀ ਚੱਕੀ ਨੇੜੇ ਖੜੀ ਇੱਕ ਕਾਰ ਵਿੱਚ ਇੱਕ ਵਿਅਕਤੀ ਬੇਹੋਸ਼ ਹਾਲਤ ਵਿੱਚ ਪਿਆ ਮਿਲਿਆ। ਜਦੋਂ ਆਸ-ਪਾਸ ਦੇ ਲੋਕਾਂ ਨੇ ਨੇੜੇ ਜਾ ਕੇ ਦੇਖਿਆ ਤਾਂ ਉਹ ਮ੍ਰਿਤਕ ਪਾਇਆ ਗਿਆ।
ਸਥਾਨਕ ਲੋਕਾਂ ਵੱਲੋਂ ਤੁਰੰਤ ਸਮਾਜ ਸੇਵਾ ਸੋਸਾਇਟੀ ਮੋਗਾ ਨੂੰ ਸੂਚਨਾ ਦਿੱਤੀ ਗਈ। ਸੋਸਾਇਟੀ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਦੇ ਸਹਿਯੋਗ ਨਾਲ ਜ਼ਰੂਰੀ ਕਾਰਵਾਈ ਕੀਤੀ। ਲਾਸ਼ ਨੂੰ ਐਮਰਜੈਂਸੀ ਗੱਡੀ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ, ਜਿਸ ਕਰਕੇ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿੱਚ ਰੱਖਿਆ ਗਿਆ ਹੈ, ਤਾਂ ਜੋ ਪਰਿਵਾਰ ਵਾਲੇ ਉਸਦੀ ਪਹਿਚਾਣ ਕਰ ਸਕਣ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਂਚ ਵਿੱਚ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨ ਸਾਹਮਣੇ ਆ ਸਕੇਗਾ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਮ੍ਰਿਤਕ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH