
ਹੁਸ਼ਿਆਰਪੁਰ, 27 ਅਪ੍ਰੈਲ (ਹਿੰ.ਸ.)। ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਾਲ 2025 ਤੋਂ ਮਾਰਚ 2026 ਤੱਕ ਕਈ ਮਹੀਨਿਆਂ ਦੀ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਕਾਰਨ ਹੁਣ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜ਼ਬੂਰ ਹੋ ਗਏ ਹਨ। ਇਸ ਸਬੰਧੀ 20-04-2026 ਨੂੰ ਸਟੇਟ ਪੱਧਰ ’ਤੇ ਮੀਟਿੰਗ ਕੀਤੀ ਗਈ ਸੀ ਅਤੇ 28-04-2026 ਨੂੰ ਮਨਰੇਗਾ ਯੂਨੀਅਨ ਦੀ ਹੋਰ ਅਹਿਮ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮਨਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੀਬਰ ਕਰ ਦੇਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਈ ਥਾਵਾਂ ’ਤੇ ਕੰਮ ਕਰਨ ਦੇ ਬਾਵਜੂਦ ਭੁਗਤਾਨ ਨਾ ਹੋਣ ਕਾਰਨ ਮੁਲਾਜ਼ਮ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ। ਮਨਰੇਗਾ ਮੁਲਾਜ਼ਮਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ