
ਜਲੰਧਰ, 27 ਅਪ੍ਰੈਲ (ਹਿੰ.ਸ.)| ਜਲੰਧਰ ਵਿੱਚ ਐਤਵਾਰ ਰਾਤ ਲੁੱਟਖੋਹ ਦੀ ਇਕ ਹੋਰ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਇਕ ਬਜ਼ੁਰਗ ਜੋੜੇ ਨੂੰ ਨਿਸ਼ਾਨਾ ਬਣਾਇਆ। ਬਦਮਾਸ਼ਾਂ ਨੇ ਮੋਟਰਸਾਈਕਲ ‘ਤੇ ਪਿੱਛੇ ਬੈਠੀ ਬਜ਼ੁਰਗ ਮਹਿਲਾ ਦੇ ਕੰਨਾਂ ਤੋਂ ਸੋਨੇ ਦੀਆਂ ਬਾਲੀਆਂ ਝਪਟ ਕੇ ਮੌਕੇ ਤੋਂ ਫਰਾਰ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ, ਘਟਨਾ ਉਸ ਸਮੇਂ ਵਾਪਰੀ ਜਦੋਂ ਇਕ ਬਜ਼ੁਰਗ ਵਿਅਕਤੀ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਜਾ ਰਹੇ ਸਨ। ਜਿਵੇਂ ਹੀ ਉਹ ਗੁਰਦੁਆਰਾ ਸਾਹਿਬ ਨੇੜੇ ਪਹੁੰਚੇ, ਪਿੱਛੇ ਤੋਂ ਆਏ ਦੋ ਅਣਪਛਾਤੇ ਲੁਟੇਰਿਆਂ ਨੇ ਝਪਟਾ ਮਾਰ ਕੇ ਮਹਿਲਾ ਦੀਆਂ ਬਾਲੀਆਂ ਝਪਟ ਲਈਆਂ।
ਪੀੜਤ ਪਰਿਵਾਰ ਦੇ ਮੁਤਾਬਕ, ਲੁਟੇਰੇ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਆਪਣੀ ਪਹਿਚਾਣ ਲੁਕਾਉਣ ਲਈ ਉਨ੍ਹਾਂ ਨੇ ਚਿਹਰੇ ਢੱਕੇ ਹੋਏ ਸਨ ਅਤੇ ਸਿਰ ‘ਤੇ ਟੋਪੀਆਂ ਪਾਈਆਂ ਹੋਈਆਂ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਤੇਜ਼ੀ ਨਾਲ ਮੋੜ ਵੱਲ ਭੱਜ ਗਏ।
ਪੀੜਤਾਂ ਵੱਲੋਂ ਸ਼ੋਰ ਮਚਾਇਆ ਗਿਆ ਅਤੇ ਲੋਕ ਵੀ ਇਕੱਠੇ ਹੋ ਗਏ, ਪਰ ਬਦਮਾਸ਼ਾਂ ਦੀ ਰਫ਼ਤਾਰ ਬਹੁਤ ਤੇਜ਼ ਹੋਣ ਕਰਕੇ ਕੋਈ ਵੀ ਉਨ੍ਹਾਂ ਨੂੰ ਫੜ ਨਹੀਂ ਸਕਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਲੁਟੇਰਿਆਂ ਨੇ ਬਹੁਤ ਹੀ ਚਲਾਕੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ 112 ਨੰਬਰ ਦੀ ਟੀਮ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਆਸ-ਪਾਸ ਦੇ ਇਲਾਕੇ ਵਿੱਚ ਜਾਂਚ ਅਤੇ ਵਾਹਨਾਂ ਦੇ ਨੰਬਰ ਟ੍ਰੇਸ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH