
ਤਰਨ ਤਾਰਨ, 28 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 607149 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 594352 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 1239.12 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਏਜੰਸੀ ਵਾਰ ਖ਼ਰੀਦ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 200914 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 162785 ਮੀਟ੍ਰਿਕ ਟਨ, ਪਨਸਪ ਵੱਲੋਂ 125737 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 92945 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 11182 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 789 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖ਼ਰੀਦ ਉਪਰੰਤ ਮੰਡੀਆਂ ’ਚੋਂ ਨਿਰਧਾਰਿਤ ਸਮੇਂ ਦੇ ਅੰਦਰ ਫ਼ਸਲ ਦੀ ਚੁਕਾਈ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ