
ਮੋਹਾਲੀ, 28 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇਹ ਕੈਂਪ ਆਮ ਆਦਮੀ ਕਲੀਨਿਕ ਘੜੂੰਆਂ ਅਤੇ ਮਜਾਤ ਵਿੱਚ ਲਗਾਏ ਜਾ ਰਹੇ ਹਨ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਇਹ ਕੈਂਪ ਰੋਜ਼ਾਨਾ ਅਧਾਰ ’ਤੇ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ। ਇਨ੍ਹਾਂ ਕੈਂਪਾਂ ਵਿੱਚ ਆਉਣ ਵਾਲੇ ਲਾਭਪਾਤਰੀਆਂ ਦੇ ਕਾਰਡ ਥਾਂ ’ਤੇ ਹੀ ਤਿਆਰ ਕੀਤੇ ਜਾਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਾਰਡ ਬਣਵਾਉਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਲਿਆਉਣਾ ਲਾਜ਼ਮੀ ਹੈ, ਇਸ ਲਈ ਲੋਕ ਆਪਣੇ ਦਸਤਾਵੇਜ਼ ਨਾਲ ਹੀ ਕੈਂਪ ਵਿੱਚ ਪਹੁੰਚਣ। ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਅਪੀਲ ਕੀਤੀ ਕਿ ਇਲਾਕੇ ਦੇ ਰਹਿਣ ਵਾਲੇ ਸਾਰੇ ਯੋਗ ਵਿਅਕਤੀ ਆਪਣੇ ਲਾਜ਼ਮੀ ਦਸਤਾਵੇਜ਼ ਨਾਲ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕਰਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਜ਼ਰੂਰ ਬਣਵਾਉਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੰਭਾਲ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਉਪਰਾਲਿਆਂ ਰਾਹੀਂ ਹਰ ਵਰਗ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH