
ਪਠਾਨਕੋਟ, 28 ਅਪ੍ਰੈਲ (ਹਿੰ.ਸ.)| ਪਠਾਨਕੋਟ ਪੁਲਿਸ ਨੇ ਸੋਮਵਾਰ ਦੇਰ ਰਾਤ ਚੋਰੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਹਾਲਾਂਕਿ ਇਸ ਮਾਮਲੇ ਵਿੱਚ 2 ਹੋਰ ਦੋਸ਼ੀ ਅਜੇ ਵੀ ਫਰਾਰ ਹਨ।
ਜਾਣਕਾਰੀ ਮੁਤਾਬਕ ਥਾਣਾ ਸ਼ਾਹਪੁਰਕੰਡੀ ਵਿੱਚ ਦਰਜ ਐਫਆਈਆਰ ਦੇ ਅਧਾਰ ’ਤੇ ਫਰੀਦਕੋਟ ਦੇ ਪਿੰਡ ਕਾਵਲਵਾਲਾ ਦੇ ਰਹਿਣ ਵਾਲੇ ਮਨਦੀਪ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੌਰਾਨ ਪੁਲਿਸ ਨੇ ਝਿਕਲੀ ਜੈਨੀ ਦੇ ਰਹਿਣ ਵਾਲੇ ਰਮੇਸ਼ ਕੁਮਾਰ ਉਰਫ਼ ਭੋਲੂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਮੁਲਜ਼ਮ ਦੇ ਕਬਜ਼ੇ ਤੋਂ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਕੀ ਇਹ ਮੁਲਜ਼ਮ ਕਿਸੇ ਵੱਡੇ ਚੋਰ ਗਿਰੋਹ ਨਾਲ ਸੰਬੰਧਿਤ ਤਾਂ ਨਹੀਂ।
ਪੁਲਿਸ ਨੇ ਜਾਂਚ ਦੌਰਾਨ ਹਰਮਨ ਸਿੰਘ ਅਤੇ ਗੋਰਾ ਸਿੰਘ (ਦੋਵੇਂ ਵਾਸੀ ਬੜੋਈ ਨਿਚਲੀ) ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਪੁਲਿਸ ਨੇ ਮਨਦੀਪ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਵੇਲੇ ਹਰਮਨ ਸਿੰਘ ਅਤੇ ਗੋਰਾ ਸਿੰਘ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH