
ਬਠਿੰਡਾ, 29 ਅਪ੍ਰੈਲ (ਹਿੰ.ਸ.)| ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕਰਦੇ ਹੋਏ ਬਠਿੰਡਾ ਪੁਲਿਸ ਨੇ ਗੋਪਾਲ ਨਗਰ ਇਲਾਕੇ ਵਿੱਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ। ਇਹ ਕਾਰਵਾਈ ਹਾਲ ਹੀ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਅਤੇ ਉਸ ਮਾਮਲੇ ਵਿੱਚ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਆਪ੍ਰੇਸ਼ਨ ਥਾਣਾ ਕੈਨਾਲ ਏਰੀਆ ਦੇ ਅਧੀਨ ਆਉਂਦੇ ਗੋਪਾਲ ਨਗਰ ਦੇ ਨੇੜੇ ਚਲਾਇਆ ਗਿਆ, ਜਿਸ ਦੌਰਾਨ ਪੁਲਿਸ ਵੱਲੋਂ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਗਈ।
ਦਰਅਸਲ, ਹਾਲ ਹੀ ਵਿੱਚ ਪਰਸ ਰਾਮ ਨਗਰ ਦੇ ਰਹਿਣ ਵਾਲੇ ਜਗਜੀਤ ਸਿੰਘ ਪੁੱਤਰ ਰਣਬੀਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਇਸ ਸਬੰਧੀ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਐਫਆਈਆਰ ਨੰਬਰ 117 ਦਰਜ ਕੀਤੀ ਸੀ। ਇਸ ਮਾਮਲੇ ਵਿੱਚ ਗੋਪਾਲ ਨਗਰ ਦੇ ਰਹਿਣ ਵਾਲੇ ਰੋਹਿਤ ਕੁਮਾਰ ਉਰਫ਼ ਇਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਪੁੱਛਗਿੱਛ ਦੌਰਾਨ ਰੋਹਿਤ ਕੁਮਾਰ ਨੇ ਇਸ ਇਲਾਕੇ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਹੋਰ ਤਿੰਨ ਵਿਅਕਤੀਆਂ ਦੇ ਨਾਮ ਵੀ ਬਤਾਏ ਹਨ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ਵਿੱਚ 1 ਜਨਵਰੀ ਤੋਂ ਹੁਣ ਤੱਕ ਨਸ਼ਾ ਤਸਕਰਾਂ ਖ਼ਿਲਾਫ਼ ਕਰੀਬ 600 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਨ੍ਹਾਂ ਕੇਸਾਂ ਵਿੱਚ ਲਗਭਗ 780 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਿਆਂ ਦੇ ਇਸ ਗਲਤ ਧੰਧੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਇਹ ਵੀ ਕਿਹਾ ਗਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ ਤਾਂ ਜੋ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH