
ਪਟਿਆਲਾ, 29 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੰਡੀ ਅਫਸਰ ਪਟਿਆਲਾ ਜਨਾਬ ਅਸਲਮ ਮੁਹੰਮਦ ਵੱਲੋਂ ਮੀਂਹ ਅਤੇ ਹਨੇਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪਟਿਆਲਾ ਅਧੀਨ ਆਉਣ ਵਾਲੀਆਂ ਮੰਡੀਆਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਪਈ ਕਣਕ ਦੀ ਸੁਰੱਖਿਆ ਲਈ ਤਰਪਾਲਾਂ ਅਤੇ ਕਰੇਟਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਦੀ ਫਸਲ ਨੂੰ ਮੌਸਮੀ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਵੱਲੋਂ ਸਮੂਹ ਸਕੱਤਰ ਮਾਰਕਿਟ ਕਮੇਟੀਆਂ ਨੂੰ ਹਦਾਇਤ ਕੀਤੀ ਗਈ ਕਿ ਮੌਸਮ ਦੀ ਖਰਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਆੜ੍ਹਤੀਆਂ ਕੋਲੋਂ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾੜੀ ਸੀਜ਼ਨ 2026 ਲਈ ਪਹਿਲਾਂ ਹੀ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਵੇਂ ਕਿ ਪੀਣ ਵਾਲਾ ਸਾਫ ਪਾਣੀ, ਛਾਂ ਅਤੇ ਬਿਜਲੀ ਦੀ ਸੁਵਿਧਾ। ਉਨ੍ਹਾਂ ਕਿਹਾ ਕਿ ਹਾੜੀ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾ ਰਿਹਾ ਹੈ। ਕਿਸਾਨਾਂ ਨੂੰ ਖਰੀਦ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਕੁੱਲ 104 ਰੈਗੂਲਰ ਮੰਡੀਆਂ ਅਤੇ 163 ਅਸਥਾਈ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 8,35,151 ਟਨ ਕਣਕ ਦੀ ਖਰੀਦ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਵੀ ਸਮੇਂ ਸਿਰ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ