
ਅੰਮ੍ਰਿਤਸਰ, 29 ਅਪ੍ਰੈਲ (ਹਿੰ.ਸ.)| ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਲਗਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੀਆਂ। ਲੋਕ ਅਦਾਲਤ ਦੌਰਾਨ ਕੁੱਲ 33 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚੋਂ ਕਰੀਬ 10 ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਦਕਿ 4 ਕੇਸਾਂ ਵਿੱਚ ਦੁਬਾਰਾ ਜਾਂਚ ਦੇ ਹੁਕਮ ਜਾਰੀ ਕੀਤੇ ਗਏ। ਬਾਕੀ ਮਾਮਲਿਆਂ ਵਿੱਚ ਅਗਲੀ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਮਹਿਲਾ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀਆਂ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਮਹਿਲਾਵਾਂ ਜੋ ਦਫ਼ਤਰਾਂ ਤੱਕ ਨਹੀਂ ਪਹੁੰਚ ਸਕਦੀਆਂ, ਉਨ੍ਹਾਂ ਨੂੰ ਘਰ ਦੇ ਨੇੜੇ ਹੀ ਇਨਸਾਫ ਮਿਲ ਸਕੇ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਦੀ ਜ਼ਿੰਮੇਵਾਰੀ, ਦੂਰੀ ਜਾਂ ਪਰਿਵਾਰਕ ਕਾਰਨਾਂ ਕਰਕੇ ਕਈ ਮਹਿਲਾਵਾਂ ਆਪਣੀਆਂ ਸ਼ਿਕਾਇਤਾਂ ਦਰਜ ਨਹੀਂ ਕਰਵਾ ਸਕਦੀਆਂ, ਜਿਸ ਕਰਕੇ ਕਮਿਸ਼ਨ ਖੁਦ ਮੈਦਾਨ ਵਿੱਚ ਜਾ ਕੇ ਸੁਣਵਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਜ਼ਿਆਦਾਤਰ ਮਾਮਲੇ ਵਿਆਹਕ ਵਿਵਾਦਾਂ, ਘਰੇਲੂ ਹਿੰਸਾ ਅਤੇ ਮਹਿਲਾਵਾਂ ਨੂੰ ਖਰਚਾ ਨਾ ਦੇਣ ਨਾਲ ਸੰਬੰਧਿਤ ਸਨ। ਕਈ ਮਹਿਲਾਵਾਂ ਨੇ ਪਤੀਆਂ ਦੇ ਬਾਹਰਲੇ ਰਿਸ਼ਤਿਆਂ ਅਤੇ ਬੱਚਿਆਂ ਦੀ ਸੰਭਾਲ ਨਾ ਕਰਨ ਦੀਆਂ ਸ਼ਿਕਾਇਤਾਂ ਵੀ ਦਰਜ ਕਰਵਾਈਆਂ।
ਇਸ ਤੋਂ ਇਲਾਵਾ ਕੁਝ ਬਜ਼ੁਰਗ ਮਾਤਾ-ਪਿਤਾ ਵੱਲੋਂ ਵੀ ਸ਼ਿਕਾਇਤਾਂ ਮਿਲੀਆਂ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਦੀ ਸੰਭਾਲ ਨਹੀਂ ਕਰ ਰਹੇ ਅਤੇ ਉਨ੍ਹਾਂ ਨੂੰ ਘਰੋਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਕਮਿਸ਼ਨ ਵੱਲੋਂ ਅਜਿਹੇ ਮਾਮਲਿਆਂ ਵਿੱਚ ਤੁਰੰਤ ਦਖ਼ਲ ਕਰਕੇ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਪਰਿਵਾਰਕ ਰਿਸ਼ਤਿਆਂ ਵਿੱਚ ਆ ਰਹੀ ਦੂਰੀ ਅਤੇ ਸੋਸ਼ਲ ਮੀਡੀਆ ਦਾ ਵਧਦਾ ਪ੍ਰਭਾਵ ਘਰੇਲੂ ਝਗੜਿਆਂ ਦਾ ਇੱਕ ਵੱਡਾ ਕਾਰਨ ਬਣ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਅਤੇ ਸ਼ਰਾਬ ਦੀ ਲਤ ਕਾਰਨ ਘਰੇਲੂ ਹਿੰਸਾ ਦੇ ਮਾਮਲੇ ਵਧ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਥੇ ਵੀ ਪੁਲਿਸ ਵੱਲੋਂ ਲਾਪਰਵਾਹੀ ਸਾਹਮਣੇ ਆਉਂਦੀ ਹੈ, ਉਥੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਇਨਸਾਫ ਦਿਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ ਅਦਾਲਤਾਂ ਲਗਾ ਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH