
ਫਾਜ਼ਿਲਕਾ, 29 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਮੰਗਲਵਾਰ ਦੀ ਸ਼ਾਮ ਤੱਕ 6,14,307 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 5,96,272 ਮੀਟਰਕ ਟਨ (97 ਫੀਸਦੀ) ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 1,71,665 ਮੀਟਰਕ ਟਨ, ਮਾਰਕਫੈੱਡ ਵਲੋਂ 1,66,994 ਮੀਟਰਕ ਟਨ, ਪਨਸਪ ਵੱਲੋਂ 1,45,005 ਮੀਟਰਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 1,12,609 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 2,42,650 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1356.67 ਕਰੋੜ ਦੀ ਅਦਾਇਗੀ ਦੇ ਅਡਵਾਇਸ ਜਨਰੇਟ ਕੀਤੇ ਗਏ ਹਨ ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ