
ਚੰਡੀਗੜ੍ਹ, 03 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਅਧੀਨ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਲਈ ਕੁੱਲ 13.74 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਸਕੀਮ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਵੱਡਾ ਸਹਾਰਾ ਸਾਬਤ ਹੋ ਰਹੀ ਹੈ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚੇ। ਉਨ੍ਹਾਂ ਦੱਸਿਆ ਕਿ ਸਕੀਮ ਦੇ ਤਹਿਤ ਪ੍ਰਤੀ ਲੜਕੀ 51,000 ਰੁਪਏ ਦੀ ਮਦਦ ਦਿੱਤੀ ਜਾਂਦੀ ਹੈ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਿਆਹ ਸਮੇਂ ਆਰਥਿਕ ਰਾਹਤ ਮਿਲਦੀ ਹੈ।
ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਵੰਡ ਕੀਤੀ ਗਈ ਹੈ। ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲਾਭਪਾਤਰੀ ਇਸ ਯੋਜਨਾ ਨਾਲ ਲਾਭਾਨਵਿਤ ਹੋਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਉਹ ਗਰੀਬੀ ਰੇਖਾ ਤੋਂ ਹੇਠਾਂ ਆਉਂਦੇ ਪਰਿਵਾਰ ਨਾਲ ਸਬੰਧਤ ਹੋਵੇ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ, ਪਿੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਪਰਿਵਾਰ ਵੀ ਇਸ ਸਕੀਮ ਲਈ ਯੋਗ ਹਨ। ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣ ਦੀ ਸਥਿਤੀ ਵਿੱਚ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲਿਆ ਜਾ ਸਕਦਾ ਹੈ।
ਮੰਤਰੀ ਨੇ ਇਹ ਵੀ ਦੱਸਿਆ ਕਿ ਸਾਰੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਅਜਿਹੀਆਂ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ।
ਹਿੰਦੂਸਥਾਨ ਸਮਾਚਾਰ / GURSHARAN SINGH