
ਜ਼ੀਰਕਪੁਰ, 03 ਅਪ੍ਰੈਲ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੇਰ ਰਾਤ ਜ਼ੀਰਕਪੁਰ ਦੇ ਵਾਰਡ ਨੰਬਰ 5, 16 ਅਤੇ 21 ਵਿੱਚ ਵਿਸ਼ੇਸ਼ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮ ਚਲਾਈ ਗਈ। ਜਿਸ ਵਿੱਚ ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੂਲ ਮਕਸਦ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ।
ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਜ਼ੀਰਕਪੁਰ ਦੇ ਵਾਰਡ ਨੰਬਰ 5, 16 ਅਤੇ 21 ਵਿੱਚ ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਸਫਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਵਿਧਾਇਕ ਜੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰ ਇੱਕ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਸਹਿਯੋਗ ਦੇਣ। ਇਸ ਮੌਕੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH