
ਬਟਾਲਾ, 03 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ ਅਤੇ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।
ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਬਟਾਲਾ ਸਮੇਤ ਜਿਲ੍ਹੇ ਗੁਰਦਾਸਪੁਰ ਵਿੱਚ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਨਾਉਣ ਦਾ ਕੰਮ ਚੱਲ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਮੌਜੂਦਾ ਬਜਟ ਵਿੱਚ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ, ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ।
ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, ਸਮੇਤ ਵੱਖ ਵੱਖ ਰਿਕਾਰਡ ਵਿਕਾਸ ਕਾਰਜ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ