
ਜਲੰਧਰ, 30 ਅਪ੍ਰੈਲ (ਹਿੰ.ਸ.)| ਜਲੰਧਰ ’ਚ ਬੁੱਧਵਾਰ ਦੇਰ ਰਾਤ ਸੁੱਚੀ ਪਿੰਡ ਸਥਿਤ ਇੰਡਿਆਨ ਆਇਲ ਡਿਪੂ ਦੇ ਨੇੜੇ ਖੜ੍ਹੇ ਦੋ ਤੇਲ ਟੈਂਕਰਾਂ ਵਿੱਚ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਅੱਗ ਨੇ ਛੇਤੀ ਹੀ ਭਿਆਨਕ ਰੂਪ ਧਾਰ ਲਿਆ ਅਤੇ ਦੂਰ-ਦੂਰ ਤੱਕ ਧੂੰਆ ਹੀ ਧੂੰਆ ਫੈਲ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜੰਗੀ ਪੱਧਰ ‘ਤੇ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾਇਆ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦੋਵੇਂ ਟੈਂਕਰ ਸੜ੍ਹ ਕੇ ਪੂਰੀ ਤਰ੍ਹਾਂ ਨਸ਼ਟ ਹੋ ਗਏ।
ਗੁਰਦਾਸਪੁਰ ਦੇ ਰਹਿਣ ਵਾਲੇ ਡਰਾਈਵਰ ਰਾਜੂ ਨੇ ਦੱਸਿਆ ਕਿ ਉਸਨੇ ਆਪਣਾ ਟੈਂਕਰ ਇੰਡਿਆਨ ਆਇਲ ਡਿਪੂ ਦੇ ਨੇੜੇ ਪਾਰਕਿੰਗ ਵਿੱਚ ਖੜ੍ਹਾ ਕੀਤਾ ਹੋਇਆ ਸੀ। ਸ਼ੁਰੂਆਤੀ ਜਾਂਚ ਮੁਤਾਬਕ ਪਾਰਕਿੰਗ ਵਿੱਚ ਖੜ੍ਹੇ ਇੱਕ ਟੈਂਕਰ ਵਿੱਚ ਸ਼ਾਰਟ ਸਰਕਿਟ ਕਾਰਨ ਅੱਗ ਲੱਗੀ, ਜੋ ਤੇਜ਼ ਹਵਾਵਾਂ ਦੇ ਕਾਰਨ ਫੈਲਦੀ ਹੋਈ ਰਾਜੂ ਦੇ ਟੈਂਕਰ ਤੱਕ ਵੀ ਪਹੁੰਚ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਲੱਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਟੈਂਕਰਾਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ‘ਤੇ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਅੱਗ ਦਾ ਕਾਰਨ ਸ਼ਾਰਟ ਸਰਕਿਟ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ ਅਤੇ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਹਿੰਦੂਸਥਾਨ ਸਮਾਚਾਰ / GURSHARAN SINGH