
ਮੋਗਾ, 04 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ ਬਹੁ-ਕਰੋੜੀ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਸੂਬੇ ਲਈ ਇੱਕ ਵਿਕਾਸ-ਕੇਂਦ੍ਰਿਤ ਸ਼ਾਸਨ ਮਾਡਲ ਦੀ ਰੂਪ-ਰੇਖਾ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ਨੂੰ ਪ੍ਰਾਥਮਿਕਤਾ ਦੇ ਰਹੀ ਹੈ।
ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਸਰਕਾਰ ਦੀ ਸਾਫ-ਸੁਥਰੀ ਅਤੇ ਇਮਾਨਦਾਰ ਰਾਜਨੀਤੀ ਵਿੱਚ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸ਼ਹਿਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ 18.80 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਦਕਿ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਸੂਬੇ ਵਿੱਚ ਜ਼ਮੀਨੀ ਪੱਧਰ ’ਤੇ ਬਦਲਾਅ ਲਿਆ ਰਹੇ ਹਨ।
ਕਿਸਾਨਾਂ ਦੇ ਮਸਲਿਆਂ ’ਤੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਸਰਕਾਰ ਕਣਕ ਦੇ ਹਰ ਦਾਣੇ ਦੀ ਖਰੀਦ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਕਿਸਾਨ ਆੜ੍ਹਤੀਆਂ ਦੇ ਰਹਿਮੋ-ਕਰਮ ’ਤੇ ਨਾ ਰਹੇ। ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਹਿਕਾਰੀ ਸਭਾਵਾਂ ਦਾ ਕੋਟਾ ਵਧਾਇਆ ਜਾਵੇਗਾ। ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੋਗਾ-ਬਾਘਾਪੁਰਾਣਾ-ਕੋਟਕਪੂਰਾ ਸੜਕ ਨੂੰ 46.98 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੋਗਾ-ਧਰਮਕੋਟ ਸੜਕ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਪਰਕ ਹੋਰ ਮਜ਼ਬੂਤ ਹੋਵੇਗਾ। ਨਗਰ ਨਿਗਮ ਵੱਲੋਂ ਵੀ 88.62 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਸੜਕਾਂ ਦਾ ਨਵੀਨੀਕਰਨ, ਕਮਿਊਨਿਟੀ ਹਾਲ ਦੀ ਉਸਾਰੀ, ਸਟ੍ਰੀਟ ਵੈਂਡਿੰਗ ਜ਼ੋਨ ਅਤੇ ਸ਼ਹਿਰ ਦੀਆਂ ਮੁੱਖ ਥਾਵਾਂ ਦੇ ਸੁੰਦਰੀਕਰਨ ਵਰਗੇ ਪ੍ਰੋਜੈਕਟ ਸ਼ਾਮਲ ਹਨ।
ਬਿਜਲੀ ਖੇਤਰ ਵਿੱਚ ਵੀ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ। ਰਸੁੰਗਾਵਾਲਾ ਅਤੇ ਸੋਸਣ ਵਿੱਚ ਨਵੇਂ ਟ੍ਰਾਂਸਫਾਰਮਰ ਲਗਾਏ ਜਾ ਰਹੇ ਹਨ ਅਤੇ ਮੋਗਾ ਸ਼ਹਿਰ ਦੀ ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਨਾਲ ਨਾ ਸਿਰਫ਼ ਸ਼ਹਿਰ, ਸਗੋਂ ਆਲੇ-ਦੁਆਲੇ ਦੇ ਪਿੰਡਾਂ ਨੂੰ ਵੀ ਫਾਇਦਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਪਿੰਡ ਅਤੇ ਸ਼ਹਿਰ ਨੂੰ ਵਿਕਾਸ ਨਾਲ ਜੋੜਨਾ ਹੈ, ਤਾਂ ਜੋ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਤਨਜ਼ ਕਰਦਿਆਂ ਕਿਹਾ ਕਿ ਜਿੱਥੇ ਮੌਜੂਦਾ ਸਰਕਾਰ ਸਿੱਖਿਆ, ਸਿਹਤ ਅਤੇ ਖੇਤੀਬਾੜੀ ਦੇ ਵਿਕਾਸ ’ਤੇ ਧਿਆਨ ਦੇ ਰਹੀ ਹੈ, ਉੱਥੇ ਹੋਰ ਪਾਰਟੀਆਂ ਸਿਰਫ਼ ਸੱਤਾ ਹਾਸਲ ਕਰਨ ਦੀ ਰਾਜਨੀਤੀ ਕਰ ਰਹੀਆਂ ਹਨ।
ਇਸ ਮੌਕੇ ‘ਆਪ’ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਵੀ ਮੁੱਖ ਮੰਤਰੀ ਮਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਦੇਸ਼ ਦੇ ਸਭ ਤੋਂ ਪ੍ਰਸਿੱਧ ਮੁੱਖ ਮੰਤਰੀਆਂ ਵਿੱਚੋਂ ਇੱਕ ਹਨ ਅਤੇ ਸਰਕਾਰ ਨੇ ਹਰ ਵਰਗ ਲਈ ਲਾਭਕਾਰੀ ਯੋਜਨਾਵਾਂ ਲਾਗੂ ਕੀਤੀਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH