
ਬਠਿੰਡਾ, 05 ਅਪ੍ਰੈਲ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਸਬੰਧੀ ਸ਼ਿਕਾਇਤ ‘ਤੇ ਸਖ਼ਤ ਕਾਰਵਾਈ ਕਰਦਿਆਂ ਬਠਿੰਡਾ ਦੇ ਸਦਰ ਪੁਲਿਸ ਥਾਣੇ ਦੇ ਸਾਰੇ ਕਰਮਚਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਫੈਸਲਾ ਉਸ ਵੇਲੇ ਲਿਆ ਗਿਆ ਜਦੋਂ ਗੁਲਾਬਗੜ੍ਹ ਪਿੰਡ ਦੇ ਸਰਪੰਚ ਵੱਲੋਂ ਨਸ਼ੇ ਦੇ ਵੱਧਦੇ ਕਾਰੋਬਾਰ ਅਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੀ ਗੱਲ ਸਾਹਮਣੇ ਰੱਖੀ ਗਈ।
ਜਾਣਕਾਰੀ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰਿਅਮ ਵਿੱਚ ਵਰਕਰਾਂ, ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਆਮ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਰੱਖੀਆਂ। ਪਿੰਡ ਗੁਲਾਬਗੜ੍ਹ ਦੇ ਸਰਪੰਚ ਲਾਖਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਅਤੇ ਨੇੜਲੇ ਇਲਾਕਿਆਂ ਵਿੱਚ ਨਸ਼ੀਲੇ ਪਦਾਰਥਾਂ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ, ਪਰ ਨਸ਼ੇ ਦਾ ਕਾਰੋਬਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਸਦਰ ਪੁਲਿਸ ਥਾਣੇ ਨੂੰ ਕਈ ਵਾਰ ਸੂਚਿਤ ਕੀਤਾ ਗਿਆ, ਪਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ।
ਇਸ ‘ਤੇ ਤੁਰੰਤ ਸੰਜ਼ੀਦਗੀ ਦਿਖਾਉਂਦਿਆਂ ਮੁੱਖ ਮੰਤਰੀ ਨੇ ਸਦਰ ਥਾਣੇ ਦੇ ਸਾਰੇ ਕਰਮਚਾਰੀਆਂ ਨੂੰ ਬਠਿੰਡਾ ਤੋਂ ਹਟਾ ਕੇ ਹੋਰ ਥਾਂ ਤਾਇਨਾਤ ਕਰਨ ਅਤੇ ਨਵੇਂ ਕਰਮਚਾਰੀ ਲਗਾਉਣ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਸਖ਼ਤ ਲਹਜੇ ਵਿੱਚ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੂੰ ਇਸ ਮਾਮਲੇ ਦੀ ਜ਼ਿੰਮੇਵਾਰੀ ਸੌਂਪੀ ਗਈ। ਡੀਆਈਜੀ ਨੇ ਦੱਸਿਆ ਕਿ ਸਦਰ ਥਾਣੇ ਦੇ ਸਾਰੇ ਕਰਮਚਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਨਵੇਂ ਕਰਮਚਾਰੀ ਜਲਦ ਤਾਇਨਾਤ ਕੀਤੇ ਜਾਣਗੇ। ਨਾਲ ਹੀ ਇਹ ਵੀ ਜਾਂਚ ਕੀਤੀ ਜਾਵੇਗੀ ਕਿ ਸਮੇਂ ‘ਤੇ ਕਾਰਵਾਈ ਕਿਉਂ ਨਹੀਂ ਹੋਈ।
ਹਿੰਦੂਸਥਾਨ ਸਮਾਚਾਰ / GURSHARAN SINGH