
ਅੰਮ੍ਰਿਤਸਰ , 05 ਅਪ੍ਰੈਲ (ਹਿੰ.ਸ.)| ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਲਈ ਜਾਣ ਵਾਲੇ ਜਥੇ ਦੇ ਸ਼ਡਿਊਲ ਵਿੱਚ ਤਬਦੀਲੀ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਪਹਿਲਾਂ ਜਥਾ 12 ਅਪ੍ਰੈਲ ਨੂੰ ਰਵਾਨਾ ਹੋਣਾ ਸੀ, ਪਰ ਹੁਣ ਨਵੇਂ ਸ਼ਡਿਊਲ ਅਨੁਸਾਰ ਸ਼ਰਧਾਲੂ 10 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ ਅਤੇ 19 ਅਪ੍ਰੈਲ ਨੂੰ ਵਾਪਸ ਆਉਣਗੇ।
ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਸ਼੍ਰੋਮਣੀ ਕਮੇਟੀ ਵੱਲੋਂ 1860 ਪਾਸਪੋਰਟ ਭੇਜੇ ਗਏ ਹਨ ਅਤੇ ਉਮੀਦ ਹੈ ਕਿ ਕਰੀਬ 1800 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਜਾਵੇਗਾ। 1947 ਦੀ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਗੁਰਧਾਮਾਂ ਦੇ ਦਰਸ਼ਨ ਲਈ ਸੰਗਤ ਵਿੱਚ ਖਾਸ ਉਤਸ਼ਾਹ ਵੇਖਿਆ ਜਾ ਰਿਹਾ ਹੈ। ਇਸ ਦੌਰਾਨ ਇਕੱਲੀਆਂ ਬੀਬੀਆਂ ਦੇ ਯਾਤਰਾ ‘ਤੇ ਜਾਣ ਸਬੰਧੀ ਲੱਗ ਰਹੀਆਂ ਪਾਬੰਦੀਆਂ ਦੀਆਂ ਅਫਵਾਹਾਂ ਨੂੰ ਰੱਦ ਕਰਦਿਆਂ ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਐਸ.ਜੀ.ਪੀ.ਸੀ. ਵੱਲੋਂ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ। ਹਰ ਸ਼ਰਧਾਲੂ ਨੂੰ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਪੂਰੀ ਆਜ਼ਾਦੀ ਹੈ।
ਹਾਲਾਂਕਿ ਉਨ੍ਹਾਂ ਸੁਰੱਖਿਆ ਦੇ ਮੱਦੇਨਜ਼ਰ ਸਲਾਹ ਦਿੱਤੀ ਕਿ ਬੀਬੀਆਂ ਜੇ ਆਪਣੇ ਨਾਲ ਕਿਸੇ ਪਰਿਵਾਰਕ ਮੈਂਬਰ ਜਾਂ ਸਾਥੀ ਨੂੰ ਲੈ ਕੇ ਜਾਣ ਤਾਂ ਯਾਤਰਾ ਦੌਰਾਨ ਸੁਵਿਧਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਦੇ ਰੂਪ ਵਿੱਚ ਇਕੱਠੇ ਸਫਰ ਕਰਨ ਨਾਲ ਸਹਿਯੋਗ ਅਤੇ ਸੁਰੱਖਿਆ ਦੋਵੇਂ ਯਕੀਨੀ ਬਣਦੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਉਦੇਸ਼ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਸੁਚੱਜੀ ਦੇਖਭਾਲ ਕਰਨਾ ਹੈ, ਤਾਂ ਜੋ ਉਹ ਆਧਿਆਤਮਿਕ ਯਾਤਰਾ ਦਾ ਪੂਰਾ ਲਾਭ ਲੈ ਸਕਣ।
ਹਿੰਦੂਸਥਾਨ ਸਮਾਚਾਰ / GURSHARAN SINGH