ਪੀ.ਆਰ.ਟੀ.ਸੀ. ਵਿੱਚ ਸ਼ਾਮਲ ਹੋਣਗੀਆ 100 ਨਵੀਆਂ ਬੱਸਾਂ,ਮੁੱਖ ਮੰਤਰੀ 6 ਅਪ੍ਰੈਲ ਨੂੰ ਦਿਖਾਉਣਗੇ ਝੰਡੀ
ਚੰਡੀਗੜ੍ਹ, 05 ਅਪ੍ਰੈਲ (ਹਿੰ.ਸ.)| ਪੰਜਾਬ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ
ਹਰਪਾਲ ਚੀਮਾ


ਚੰਡੀਗੜ੍ਹ, 05 ਅਪ੍ਰੈਲ (ਹਿੰ.ਸ.)| ਪੰਜਾਬ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਪਹਿਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਸੁਵਿਧਾਜਨਕ ਯਾਤਰਾ ਸਹੂਲਤਾਂ ਪ੍ਰਦਾਨ ਕਰਨ ਦੇ ਵਚਨ ਨੂੰ ਦਰਸਾਉਂਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਨੂੰ ਮਜ਼ਬੂਤ ਕਰਨ ਲਈ ਲਗਭਗ 125 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਤਹਿਤ 100 ਮਿਡੀ ਅਤੇ 309 ਸਾਧਾਰਨ ਬੱਸਾਂ ਨੂੰ ਪੜਾਅਵਾਰ ਤਰੀਕੇ ਨਾਲ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਵਿੱਚ ਜਨਤਕ ਟਰਾਂਸਪੋਰਟ ਦੀ ਮੰਗ ਨੂੰ ਪੂਰਾ ਕਰਨ ਦੇ ਨਾਲ ਨਾਲ ਯਾਤਰੀਆਂ ਨੂੰ ਸੁਵਿਧਾਜਨਕ ਸੇਵਾਵਾਂ ਮਿਲਣਗੀਆਂ।

ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਕਿਲੋਮੀਟਰ ਸਕੀਮ ਤਹਿਤ 254 ਹੋਰ ਬੱਸਾਂ ਵੀ ਚਲਾਈਆਂ ਜਾਣਗੀਆਂ, ਜਿਸ ਨਾਲ ਸੰਚਾਲਨ ਸਮਰੱਥਾ ਵਿੱਚ ਵੱਡਾ ਵਾਧਾ ਹੋਵੇਗਾ ਅਤੇ ਦੂਰ-ਦਰਾਜ ਇਲਾਕਿਆਂ ਵਿੱਚ ਵੀ ਆਵਾਜਾਈ ਸੇਵਾਵਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਨਬੱਸ ਦੇ ਬੇੜੇ ਨੂੰ ਵਧਾਉਣ ਲਈ ਸਰਕਾਰ ਵੱਲੋਂ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤਹਿਤ ਕੁੱਲ 606 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 387 ਬੱਸਾਂ ਸਿੱਧੇ ਤੌਰ 'ਤੇ ਬੇੜੇ ਵਿੱਚ ਜੋੜੀਆਂ ਜਾਣਗੀਆਂ, ਜਦਕਿ ਕਿਲੋਮੀਟਰ ਸਕੀਮ ਤਹਿਤ 19 ਵੋਲਵੋ, 100 ਐਚ.ਵੀ.ਏ.ਸੀ. ਅਤੇ 100 ਸਾਧਾਰਨ ਬੱਸਾਂ ਚਲਾਈਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਬੇੜੇ ਵਿੱਚ ਇੱਕ ਹਜ਼ਾਰ ਤੋਂ ਵੱਧ ਨਵੀਆਂ ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਸ਼ਾਮਲ ਕਰਕੇ ਪੰਜਾਬ ਸਰਕਾਰ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ ਪ੍ਰਣਾਲੀ ਨੂੰ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣਾ ਹੀ ਨਹੀਂ, ਸਗੋਂ ਰਾਜ ਵਿੱਚ ਆਰਥਿਕ ਵਿਕਾਸ ਨੂੰ ਤੇਜ਼ੀ ਦੇਣਾ ਅਤੇ ਲੋਕਾਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਸਫ਼ਰ ਮੁਹੱਈਆ ਕਰਵਾਉਣਾ ਵੀ ਹੈ। ਸਰਕਾਰ ਦੀ ਇਹ ਪਹਿਲ ਜਨਤਕ ਟਰਾਂਸਪੋਰਟ ਨੂੰ ਇੱਕ ਭਰੋਸੇਮੰਦ ਵਿਕਲਪ ਬਣਾਉਣ ਅਤੇ ਲੋਕਾਂ ਦੀ ਦਿਨਚਰੀ ਯਾਤਰਾ ਨੂੰ ਆਸਾਨ ਬਣਾਉਣ ਵੱਲ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande