
ਪਟਿਆਲਾ, 05 ਅਪ੍ਰੈਲ (ਹਿੰ.ਸ.)| ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ 1 ਅਪ੍ਰੈਲ 2026 ਤੋਂ 24 ਅਪ੍ਰੈਲ 2026 ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ ਰਾਹੀਂ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਮਸ਼ੀਨਾਂ ‘ਤੇ 50 ਫੀਸਦੀ ਅਤੇ ਗਰੁੱਪਾਂ ਜਾਂ ਸੋਸਾਇਟੀਆਂ ਨੂੰ 80 ਫੀਸਦੀ ਤੱਕ ਸਬਸਿਡੀ ਦਿੱਤੀ ਜਾਵੇਗੀ। ਇਹ ਸਬਸਿਡੀ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜੀਰੋ ਟਿੱਲ ਡ੍ਰਿੱਲ, ਬੇਲਰ, ਰੇਕ ਅਤੇ ਮਲਚਰ ਸਮੇਤ ਕਈ ਅਧੁਨਿਕ ਮਸ਼ੀਨਾਂ ‘ਤੇ ਉਪਲਬਧ ਹੋਵੇਗੀ। ਡਾ. ਦਾਰਾ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀ ਦੌਰਾਨ ਕਿਸੇ ਵੀ ਸਮੱਸਿਆ ਲਈ ਕਿਸਾਨ ਆਪਣੇ ਸਬੰਧਿਤ ਬਲਾਕ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਜਾਗਰੂਕਤਾ ਕੈਂਪ ਲਗਾਉਣ ਅਤੇ ਲੋੜੀਂਦੇ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH