
ਅੰਮ੍ਰਿਤਸਰ, 05 ਅਪ੍ਰੈਲ (ਹਿੰ.ਸ.)|
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾਵਾਂ ਦੀ ਰੋਕਥਾਮ ਲਈ ਬਣਾਏ ਜਾ ਰਹੇ ਕਾਨੂੰਨ ‘ਤੇ ਵਿਚਾਰ-ਵਟਾਂਦਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 6 ਅਪ੍ਰੈਲ ਨੂੰ ਪੰਥਕ ਇਕੱਤਰਤਾ ਬੁਲਾਈ ਗਈ ਹੈ। ਇਹ ਮਹੱਤਵਪੂਰਨ ਬੈਠਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇਸ ਇਕੱਤਰਤਾ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਸਿੱਖ ਕੌਮ ਲਈ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਵਿਸ਼ਾ ਹਨ, ਜਿਸ ‘ਤੇ ਸਾਂਝੀ ਪੰਥਕ ਰਾਇ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਅਤੇ ਉਨ੍ਹਾਂ ਦੀ ਮਰਯਾਦਾ ਅਤੇ ਸਤਿਕਾਰ ਦੀ ਰੱਖਿਆ ਲਈ ਬਣਾਏ ਜਾਣ ਵਾਲੇ ਕਾਨੂੰਨ ਦੇ ਹਰ ਪੱਖ ‘ਤੇ ਵਿਸਥਾਰ ਨਾਲ ਵਿਚਾਰ ਕਰਨਾ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਇਹ ਪੰਥਕ ਬੈਠਕ ਸੱਦੀ ਗਈ ਹੈ, ਤਾਂ ਜੋ ਸਾਰੇ ਪੱਖਾਂ ਨੂੰ ਸੁਣ ਕੇ ਇਕ ਸਾਂਝਾ ਫੈਸਲਾ ਲਿਆ ਜਾ ਸਕੇ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਇਕੱਤਰਤਾ ਲਈ ਵੱਖ-ਵੱਖ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਵਿਦਵਾਨਾਂ, ਜੱਜਾਂ ਅਤੇ ਵਕੀਲਾਂ ਸਮੇਤ ਹੋਰ ਪ੍ਰਮੁੱਖ ਸਿੱਖ ਆਗੂਆਂ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ ਅਤੇ ਸੇਵਾ ਪੰਥੀ ਸੰਸਥਾਵਾਂ ਨੂੰ ਵੀ ਬੈਠਕ ਵਿੱਚ ਹਾਜ਼ਰੀ ਲਈ ਸੱਦਾ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH