
ਚੰਡੀਗੜ੍ਹ, 05 ਅਪ੍ਰੈਲ (ਹਿੰ.ਸ.) ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸ਼ਨੀਵਾਰ ਦੇਰ ਰਾਤ ਮੁਲਾਕਾਤ ਕੀਤੀ। ਇਸ ਦੌਰਾਨ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਦੇ ਮੁੱਦੇ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ‘ਤੇ ਹੋਈ ਇਸ ਮੀਟਿੰਗ ਵਿੱਚ ਸੰਤ ਸੀਚੇਵਾਲ ਨੇ ਧੁੱਸਸੀ ਬੰਧ ‘ਤੇ 89 ਕਿਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਪੱਕੀ ਸੜਕ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸੜਕ ਸਬੰਧੀ ਪਹਿਲੀ ਮੀਟਿੰਗ 12 ਜੂਨ 2023 ਨੂੰ ਹੋਈ ਸੀ, ਜਿਸ ਦੀ ਅਗਵਾਈ ਤਤਕਾਲੀ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਨੂੰ ਇਸ ਸਬੰਧੀ ਲਿਖਿਆ ਪੱਤਰ ਵੀ ਯਾਦ ਦਿਵਾਇਆ।
ਪੰਜਾਬ ਰਾਜ ਮੰਡੀ ਬੋਰਡ ਦੀ ਰਿਪੋਰਟ ਮੁਤਾਬਕ ਧੁੱਸੀ ਬੰਨ੍ਹ ‘ਤੇ ਸੜਕ ਬਣਨ ਨਾਲ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ ਅਤੇ ਇਸ ਪ੍ਰੋਜੈਕਟ ‘ਤੇ ਕਰੀਬ 117 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਹੈ।
ਸੰਤ ਸੀਚੇਵਾਲ ਨੇ ਦੱਸਿਆ ਕਿ ਇਹ ਸੜਕ ਨਾਬਾਰਡ ਦੀ ਮਦਦ ਨਾਲ ਤਿਆਰ ਕੀਤੀ ਜਾਣੀ ਸੀ। ਉਨ੍ਹਾਂ ਮੁੱਖ ਮੰਤਰੀ ਕੋਲ ਮੰਗ ਕੀਤੀ ਕਿ ਬਰਸਾਤ ਤੋਂ ਪਹਿਲਾਂ ਇਸਦਾ ਕੰਮ ਸ਼ੁਰੂ ਕੀਤਾ ਜਾਵੇ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾ ਖੇਤਰ ਵਿੱਚ ਧੁੱਸੀ ਬੰਨ੍ਹ ਦੇ 2200 ਫੁੱਟ ਦੇ ਸੰਵੇਦਨਸ਼ੀਲ ਹਿੱਸੇ ਨੂੰ ਪੱਥਰਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇੱਥੇ 13 ਸਟੱਡ ਅਤੇ 2 ਸਪਰ ਬਣਾਏ ਜਾ ਰਹੇ ਹਨ। ਇਹ ਕੰਮ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖਤਮ ਕਰਨ ਲਈ ਗੰਭੀਰ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਅਪ੍ਰੈਲ ਦੇ ਅੰਤ ਤੱਕ ਬੁੱਢੇ ਦਰਿਆ ਦੀ ਸਫਾਈ ਦੇ ਕੰਮ ਦਾ ਜਾਇਜ਼ਾ ਲੈਣ ਲਈ ਖੁਦ ਪਹੁੰਚਣਗੇ। ਇਸ ਮੌਕੇ ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਿਆਰ ਕੀਤਾ ਪ੍ਰਸਤਾਵ ਅਤੇ ਨਕਸ਼ਾ ਵੀ ਸਾਂਝਾ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH