ਪੰਜਾਬ ਵਿੱਚ ਖੇਤੀਬਾੜੀ ਲਈ 1,388 ਕਰੋੜ ਦੀ ਐਕਸ਼ਨ ਯੋਜਨਾ ਤਿਆਰ : ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ ਸੀਜ਼ਨ ਲਈ ਕਮਰ ਕੱਸਣ ਦੇ ਦਿੱਤੇ ਨਿਰਦੇਸ਼
ਮੀਟਿੰਗ ਦੌਰਾਨ ਗੁਰਮੀਤ ਸਿੰਘ ਖੁੱਡੀਆਂ।


ਚੰਡੀਗੜ੍ਹ, 06 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।

ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿਬੇੜਾ ਸਕੀਮ ਤਹਿਤ 600 ਕਰੋੜ ਰੁਪਏ ਦਾ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ।

ਉਨਾਂ ਕਿਹਾ ਕਿ ਸਾਡਾ ਟੀਚਾ ਕਿਸਾਨਾਂ ਨੂੰ ਸਬਸਿਡੀ 'ਤੇ ਇਨ-ਸਿਟੂ (ਖੇਤ ਦੇ ਅੰਦਰ) ਅਤੇ ਐਕਸ-ਸਿਟੂ (ਖੇਤ ਦੇ ਬਾਹਰ) ਮਸ਼ੀਨਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਦਾ ਪੱਕਾ ਹੱਲ ਯਕੀਨੀ ਬਣਾਇਆ ਜਾ ਸਕੇ।

ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ, 'ਪ੍ਰਤੀ ਬੂੰਦ ਵਧੇਰੇ ਫ਼ਸਲ' ਕੰਪੋਨੈਂਟ ਲਈ 33.33 ਕਰੋੜ ਰੁਪਏ ਰੱਖੇ ਗਏ ਹਨ, ਜੋ ਡਰਿੱਪ, ਸਪ੍ਰਿੰਕਲਰ ਅਤੇ ਰੇਨ ਗੰਨ ਵਰਗੇ ਪਾਣੀ ਦੀ ਬਚਤ ਕਰਨ ਵਾਲੇ ਉਪਕਰਣਾਂ ਨੂੰ ਉਤਸ਼ਾਹਿਤ ਕਰੇਗਾ। ਇਸ ਦੌਰਾਨ, ਬੀਜ ਸੁਧਾਰ ਅਤੇ ਕਪਾਹ ਪ੍ਰਦਰਸ਼ਨੀ ਪ੍ਰੋਜੈਕਟਾਂ 'ਤੇ 51.85 ਕਰੋੜ ਰੁਪਏ ਖਰਚੇ ਜਾਣਗੇ, ਅਤੇ ਖੇਤੀਬਾੜੀ ਮਸ਼ੀਨੀਕਰਨ ਸਬ-ਮਿਸ਼ਨ ਤਹਿਤ ਖੇਤੀ ਦੀ ਮੁਹਾਰਤ ਨੂੰ ਵਧਾਉਣ ਲਈ 95 ਕਰੋੜ ਰੁਪਏ ਰੱਖੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਧ ਪਾਣੀ ਪੀਣ ਵਾਲੇ ਝੋਨੇ ਦੀ ਥਾਂ ਮੱਕੀ, ਦਾਲਾਂ ਅਤੇ ਤੇਲ ਬੀਜਾਂ ਵੱਲ ਪ੍ਰੇਰਿਤ ਕਰਨ ਲਈ ਫ਼ਸਲੀ ਵਿਭਿੰਨਤਾ ਲਈ 50.30 ਕਰੋੜ ਰੁਪਏ ਰੱਖੇ ਗਏ ਹਨ। ਰਸਾਇਣ ਮੁਕਤ ਖੇਤੀ ਲਈ ਰਾਸ਼ਟਰੀ ਮੁਹਿੰਮ ਦੇ ਅਨੁਸਾਰ, ਕੁਦਰਤੀ ਖੇਤੀ ਲਈ 8.25 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਗਏ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande