
ਮੋਹਾਲੀ,06 ਅਪ੍ਰੈਲ (ਹਿੰ.ਸ.)। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਗਮਾਡਾ ਵਿਰੁੱਧ 6 ਅਪ੍ਰੈਲ ਨੂੰ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਧਰਨੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰ ਰਹੇ ਹਨ।
ਸਿੱਧੂ ਨੇ ਕਿਹਾ ਕਿ ਲੋਕ ਖਾਸ ਕਰ ਕੇ ਕਿਸਾਨ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਉਨ੍ਹਾਂ ਦੇ ਮਨਾਂ ਵਿਚ ਭਗਵੰਤ ਮਾਨ ਸਰਕਾਰ ਵਿਰੁੱਧ ਭਾਰੀ ਰੋਸ ਹੈ। ਉਨ੍ਹਾਂ ਗਮਾਡਾ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਦਾਰਾ ਲਗਾਤਾਰ ਕਿਸਾਨ ਦੀ ਲੁੱਟ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ, ਗਮਾਡਾ ਵੱਲੋਂ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਤਾਂ ਕੌਡੀਆਂ ਦੇ ਭਾਅ ਐਕੁਆਇਰ ਕਰ ਲਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ। ਆਪਣੀ ਹੀ ਜ਼ਮੀਨ ਦੇ ਢੁਕਵੇਂ ਮੁਆਵਜ਼ੇ ਅਤੇ ਹੱਕਾਂ ਲਈ ਕਿਸਾਨਾਂ ਨੂੰ ਸੜਕਾਂ 'ਤੇ ਬੈਠਣ ਲਈ ਮਜਬੂਰ ਕਰਨਾ ਬੇਹੱਦ ਮੰਦਭਾਗਾ ਹੈ।
ਕਾਂਗਰਸੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਲੁਧਿਆਣਾ ਤੇ ਮੋਹਾਲੀ ਜ਼ਿਲ੍ਹਿਆਂ ਦੀ ਤਕਰੀਬਨ 15,000 ਏਕੜ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਵਿਚ ਮੂੰਹ ਦੀ ਖਾਧੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਰੋਹ ਅੱਗੇ ਗੋਡੇ ਟੇਕਦਿਆਂ ਆਪਣਾ ਨੋਟੀਫੀਕੇਸ਼ਨ ਵਾਪਸ ਲੈਣਾ ਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਵੀ ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਅੱਗੇ ਝੁਕਣਾ ਹੀ ਪਵੇਗਾ। ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਕੱਲ੍ਹ ਦੇ ਧਰਨੇ ਵਿੱਚ ਵੱਧ-ਚੜ੍ਹ ਕੇ ਪਹੁੰਚਣ ਤਾਂ ਜੋ ਸੁੱਤੀ ਹੋਈ ਸਰਕਾਰ ਅਤੇ ਗਮਾਡਾ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ